ਚੰਡੀਗੜ੍ਹ, ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ 7 ਅਕਤੂਬਰ ਨੂੰ ਕੋਟਕਪੂਰਾ ਚੌਕ ਤੋਂ ਬਰਗਾੜੀ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਪ੍ਰੋਗਰਾਮ ’ਤੇ ਕਾਇਮ ਰਹਿੰਦਿਆਂ ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਰੈਲੀਆਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਨੇ ਗੰਢਤੁੱਪ ਕਰਕੇ 7 ਅਕਤੂਬਰ ਦੇ ਰੋਸ ਮਾਰਚ ਨੂੰ ਤਾਰਪੀਡੋ ਕਰਨ ਦੀ ਸਾਜ਼ਿਸ਼ ਘੜੀ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸਿਆਸੀ ਪਰਿਵਾਰਾਂ ਦੀ ਮਿਲੀਭੁਗਤ ਕਾਰਨ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਪੁਲੀਸ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਹੁਣ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਨੇ ਕਰਨਾ ਹੈ ਕਿ 7 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰੈਲੀ ਵਿੱਚ ਸ਼ਾਮਲ ਹੋਣਾ ਹੈ ਜਾਂ ਗੁਰੂ ਗ੍ਰੰਥ ਸਾਹਿਬ ਦੇ ਦੋਖੀਆਂ ਵੱਲੋਂ ਕੀਤੀ ਜਾ ਰਹੀ ਪਟਿਆਲਾ ਰੈਲੀ ਵਿੱਚ ਅਤੇ ਜਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕੱਢੇ ਜਾਣ ਵਾਲੇ ਮਾਰਚ ਵਿੱਚ ਸ਼ਾਮਲ ਹੋਣਾ ਹੈ।
ਸ੍ਰੀ ਖਹਿਰਾ ਨੇ ‘ਆਪ’ ਨਾਲ ਸਮਝੌਤੇ ਬਾਰੇ ਗੱਲ ਕਰਦਿਆਂ ਕਿਹਾ ਕਿ ਹੁਣ ਤੱਕ ਦਿੱਲੀ ਦੇ ਕਿਸੇ ਵੀ ਨੇਤਾ ਵੱਲੋਂ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਬਠਿੰਡਾ ਕਨਵੈਨਸ਼ਨ ਦੇ ਮਤਿਆਂ ਦੇ ਆਧਾਰ ’ਤੇ ਗੱਲਬਾਤ ਕਰਨ ਲਈ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਪ੍ਰੇਮ ਸ਼ਰਮਾ ’ਤੇ ਆਧਾਰਿਤ ਪੰਜ ਮੈਂਬਰੀ ਕਮੇਟੀ ਬਣਾਈ ਹੈ। ਇਹ ਕਮੇਟੀ ਦਿੱਲੀ ਦੇ ਆਗੂਆਂ ਨਾਲ ਗੱਲਬਾਤ ਕਰੇਗੀ। ਉਨ੍ਹਾਂ ਦੱਸਿਆ ਕਿ ਅੱਜ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਕਿਸਾਨੀ ਮਸਲਿਆਂ ਬਾਰੇ ਵੀ ਚਰਚਾ ਕੀਤੀ ਤੇ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨੀ ਮਸਲਿਆਂ ਨੂੰ ਅੱਖੋਂ-ਪਰੋਖੇ ਕੀਤਾ ਹੈ।
ਵਿਧਾਇਕ ਕੰਵਰ ਸੰਧੂ ਨੇ ਆਖਿਆ ਕਿ ਇਸ ਸਬੰਧੀ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸਿਰਫ਼ ਕਿਸਾਨੀ ਮਸਲਿਆਂ ਬਾਰੇ ਹੀ ਚਰਚਾ ਕੀਤੀ ਜਾਵੇ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਕਿਸਾਨ ਖ਼ੁਦਕੁਸ਼ੀਆਂ ਬਾਰੇ ਰਿਪੋਰਟ ਦਿੱਤੀ ਸੀ, ਪਰ ਸਰਕਾਰ ਨੇ ਨਾ ਤਾਂ ਇਸ ਰਿਪੋਰਟ ’ਤੇ ਬਹਿਸ ਕਰਵਾਈ ਅਤੇ ਨਾ ਹੀ ਰਿਪੋਰਟ ਵਿਚਲੀਆਂ ਸਿਫ਼ਾਰਸ਼ਾਂ ਮੰਨੀਆਂ।