ਚੰਡੀਗੜ੍ਹ, 19 ਅਪਰੈਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰੰਘ ਬਾਦਲ ਨੇ ਕਿਹਾ ਹੈ ਕਿ ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਦੇਸ਼ ਵਿੱਚ ਔਰਤਾਂ ਖ਼ਿਲਾਫ਼ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਕੋਈ ਪੱਕਾ ਹੱਲ ਲੱਭਿਆ ਜਾਣਾ ਚਾਹੀਦਾ ਹੈ। ਅੱਜ ਇੱਥੇ ਇੱਕ ਸਮਾਗਮ ਵਿੱਚ ਬੋਲਦਿਆਂ ਸਾਬਕਾ ਮੁੱਖ ਮੰਤਰੀ ਨੇ ਦੇਸ਼ ਵਿੱਚ ਵਧ ਰਹੇ ਫਿਰਕੂਪੁਣੇ ਉੱਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਰਾਜਾਂ ਅਤੇ ਕੇਂਦਰ ਵਿੱਚ ਸਾਰੀਆਂ ਸਰਕਾਰਾਂ ਵੱਲੋਂ ਪਹਿਲ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਦਿੱਤੇ ਜਾਣ ਦੀ ਲੋੜ ਹੈ। ਉਨਾਓ ਅਤੇ ਕਠੂਆ ਦੁਖਾਂਤਾਂ ਬਾਰੇ ਬੋਲਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਬਲਾਤਕਾਰੀਆਂ ਦਾ ਸਮਰਥਨ ਕੀਤਾ, ਅਜਿਹੇ ਲੋਕਾਂ ਨਾਲ ਵੀ ਕੋਈ ਨਰਮੀ ਵਰਤੇ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਔਰਤ ਦੀ ਇੱਜ਼ਤ ਕਰਨਾ ਇੱਕ ਸੱਭਿਅਕ ਮੁਲਕ ਦੀ ਪਹਿਲੀ ਨਿਸ਼ਾਨੀ ਹੈ। ਸਾਬਕਾ ਮੁੱਖ ਮੰਤਰੀ ਨੇ ਦੇਸ਼ ਵਿੱਚ ਪੈਦਾ ਹੋ ਰਹੇ ਫਿਰਕੂ ਮਾਹੌਲ ਉੱਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਫਿਰਕੂ ਤਾਣਿਆਂ ਨੂੰ ਤੋੜਨ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਸਰਕਾਰਾਂ ਨੂੰ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ। ਸਾਬਕਾ ਮੁੱਖ ਮੰਤਰੀ ਨੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।