ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਹੀ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਪੁਲੀਸ ਅਫ਼ਸਰਾਂ ਖਿਲਾਫ਼ ਕਾਰਵਾਈ ਦਾ ਕਾਰਨ ਬਣੀ ਹੈ। ਸੂਤਰਾਂ ਅਨੁਸਾਰ 9 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸਿਵਲ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਰਿਪੋਰਟ ਮੁਤਾਬਕ ਕਾਰਵਾਈ ਕਰਨ ਲਈ ਪੁਲੀਸ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਹਦਾਇਤਾਂ ਦਿੱਤੀਆਂ ਸਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ, ਵਧੀਕ ਡੀਜੀਪੀ (ਬਿਊਰੋ ਆਫ਼ ਇਨਵੈਸਟੀਗੇਸ਼ਨ) ਪ੍ਰਬੋਧ ਕੁਮਾਰ ਅਤੇ ਹੋਰ ਅਧਿਕਾਰੀ ਸ਼ਾਮਲ ਸਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਨਾਰਾਜ਼ਗੀ ਜਤਾਉਣ ਦਾ ਸਿੱਟਾ ਇਹ ਨਿਕਲਿਆ ਕਿ ਦੋ ਦਿਨਾਂ ਬਾਅਦ ਹੀ 11 ਅਗਸਤ ਨੂੰ ਪੁਲੀਸ ਨੇ 4 ਅਫ਼ਸਰਾਂ ਚਰਨਜੀਤ ਸ਼ਰਮਾ, ਬਿਕਰਮਜੀਤ ਸਿੰਘ, ਪਰਦੀਪ ਸਿੰਘ ਅਤੇ ਅਮਰਜੀਤ ਸਿੰਘ ਦੇ ਨਾਮ ਬਹਿਬਲ ਕਲਾਂ ਗੋਲੀ ਕਾਂਡ ਨਾਲ ਸਬੰਧਤ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕਰ ਦਿੱਤੇ। ਸਰਕਾਰ ਦਾ ਦਾਅਵਾ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਰਿਪੋਰਟ ਵਿੱਚ ਉਕਤ ਅਫ਼ਸਰਾਂ ਖਿਲਾਫ਼ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ, ਜਦੋਂ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਕਿਸੇ ਵੀ ਪੁਲੀਸ ਅਫ਼ਸਰ ਦੇ ਨਾਮ ਸਬੰਧੀ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਕੇਸ ਦਰਜ ਕਰਨ ਤੋਂ ਬਾਅਦ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਦੇਣ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ ਤੇ ਨਿਆਂ) ਨਿਰਮਲਜੀਤ ਸਿੰਘ ਕਲਸੀ ਨੇ ਡੀਜੀਪੀ ਸੁਰੇਸ਼ ਅਰੋੜਾ ਨੂੰ 2 ਅਗਸਤ ਨੂੰ ਇੱਕ ਚਿੱਠੀ ਲਿਖੀ ਸੀ, ਜਿਸ ਦੇ ਨਾਲ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਰਿਪੋਰਟ ਵੀ ਭੇਜੀ ਗਈ ਸੀ। ਚਿੱਠੀ ਵਿੱਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਸੀ ਕਿ ਰਿਪੋਰਟ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤੇ ਸਬੰਧਤ ਪੁਲੀਸ ਅਫ਼ਸਰਾਂ ਦੇ ਖਿਲਾਫ਼ ਵਿਭਾਗੀ ਕਾਰਵਾਈ ਵੀ ਆਰੰਭ ਕੀਤੀ ਜਾਵੇ। ਇਸ ਤੋਂ ਬਾਅਦ ਕੋਟਕਪੂਰਾ ਪੁਲੀਸ ਨੇ 7 ਅਗਸਤ ਨੂੰ ‘ਅਣਪਛਾਤੇ ਪੁਲੀਸ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਕੀਤਾ। ਪੁਲੀਸ ਦੀ ਇਸ ਕਾਰਵਾਈ ਕਾਰਨ ਸਰਕਾਰ ਨੂੰ ਨਮੋਸ਼ੀ ਝੱਲਣੀ ਪਈ ਤੇ ਹਾਕਮ ਪਾਰਟੀ ਦੇ ਵਿਧਾਇਕਾਂ ਨੇ ਵੀ ਮੁੱਖ ਮੰਤਰੀ ਤੱਕ ਲੋਕਾਂ ਦਾ ਪ੍ਰਤੀਕਰਮ ਪਹੁੰਚਾਇਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ‘ਪੁਲੀਸ ਦਾ ਮਨੋਬਲ ਉੱਚਾ ਰੱਖਣ’ ਦੇ ਨਾਮ ਹੇਠ ਪਰਦਾਪੋਸ਼ੀ ਕੀਤੀ ਜਾ ਰਹੀ ਹੈ।