ਕਾਹਨੂੰਵਾਨ, 15 ਨਵੰਬਰ
ਪੰਜਾਬ ਵਿੱਚ ਗੰਨਾ ਕਾਸ਼ਤਕਾਰ ਆਪਣੀ ਫ਼ਸਲ ਦੀ ਕੀਮਤ ਪਿਛਲੇ ਕਈ ਸਾਲਾਂ ਤੋਂ ਨਾ ਵਧਣ ਕਾਰਨ ਪ੍ਰੇਸ਼ਾਨ ਹਨ ਅਤੇ ਸੰਘਰਸ਼ ਦੇ ਰਾਹ ਪਏ ਹੋਏ ਹਨ। ਹੁਣ ਇਨ੍ਹਾਂ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੀ ਹੀ ਸਰਕਾਰ ਨੂੰ ਗੰਨੇ ਦੀਆਂ ਕੀਮਤਾਂ ਵਧਾਉਣ ਲਈ ਅਪੀਲ ਕੀਤੀ ਜਾ ਰਹੀ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਗੰਨੇ ਦੀ ਕੀਮਤ 280 ਤੋਂ 295 ਤੱਕ ਹੀ ਚੱਲ ਰਹੀ ਹੈ ਅਤੇ ਇਸ ਸਾਲ ਵੀ ਗੰਨੇ ਦੀ ਕੀਮਤ ਵਿੱਚ ਲੋੜੀਂਦਾ ਵਾਧਾ ਨਹੀਂ ਕੀਤਾ ਗਿਆ ਹੈ, ਜੋ ਗੰਨਾ ਕਾਸ਼ਤਕਾਰਾਂ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਵਿੱਚ ਗੰਨੇ ਦੀ ਕੀਮਤ 330 ਰੁਪਏ ਤੱਕ ਦਿੱਤੀ ਜਾ ਰਹੀ ਹੈ, ਪਰ ਪੰਜਾਬ ਦੇ ਕਿਸਾਨ ਨੂੰ ਘੱਟ ਭਾਅ ਦੇ ਕੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਮੌਜੂਦਾ ਸਰਕਾਰ ਕਿਸਾਨ ਹਮਾਇਤੀ ਸਰਕਾਰ ਵਜੋਂ ਜਾਣੀ ਜਾਂਦੀ ਹੈ। ਸਰਕਾਰ ਨੇ ਕਿਸਾਨਾਂ ਦਾ ਕਰਜ਼ ਮੁਆਫ਼ ਕਰਕੇ ਆਪਣਾ ਵਾਅਦਾ ਨਿਭਾਇਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ  ਪੰਜਾਬ ਦੇ ਕਿਸਾਨਾਂ ਨੂੰ 350 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣੀ ਫ਼ਸਲ ਨਿਸ਼ਚਿੰਤ ਹੋ ਕੇ ਮਿੱਲਾਂ ਵਿੱਚ ਲੈ ਕੇ ਜਾ ਸਕਣ ਅਤੇ ਧਰਨਿਆਂ-ਮੁਜ਼ਾਹਰਿਆਂ ਦੇ ਮਾਹੌਲ ਵਿੱਚੋਂ ਪੈਦਾ ਹੋਣ ਵਾਲੇ ਹਾਲਾਤ ਤੋਂ ਬਚਿਆ ਜਾ ਸਕੇ।