ਚੰਡੀਗੜ੍ਹ, 6 ਜੂਨ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਭਲਕੇ ਬਾਦਲਾਂ ਨਾਲ ਤੈਅ ਹੋਈ ਮੀਟਿੰਗ ਦੌਰਾਨ ਉਨ੍ਹਾਂ ਕੋਲ ਪੰਜਾਬ ਦੇ ਹਿੱਤ ਸੁਰੱਖਿਅਤ ਰੱਖਣ ਵਿੱਚ ਅਸਫਲ ਰਹਿਣ ਦੀ ਨਾਕਾਮੀ ਸੁਧਾਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਭਾਜਪਾ ਨੂੰ ਆਪਣੇ ਭਾਈਵਾਲਾਂ ਦੀ ਅਹਿਮੀਅਤ ਚੇਤੇ ਕਰਵਾਈ।
ਅੱਜ ਇੱਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਬਾਦਲਾਂ ਨੂੰ ਭਲਕੇ ਹੋਣ ਵਾਲੀ ਮੀਟਿੰਗ ਦੌਰਾਨ ਅਮਿਤ ਸ਼ਾਹ ਕੋਲ ਕਿਸਾਨਾਂ ਦੀ ਮੌਜੂਦਾ ਸਥਿਤੀ, ਸਤਲੁਜ-ਯਮੁਨਾ ਲਿੰਕ ਲਹਿਰ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਵਰਗੇ ਭਖ਼ਦੇ ਮਸਲੇ ਉਠਾਉਣ ਲਈ ਵੰਗਾਰਿਆ। ਉਨ੍ਹਾਂ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸੀਨੀਅਰ ਨੇਤਾ ਹੋਣ ਦੇ ਨਾਤੇ ਅਮਿਤ ਸ਼ਾਹ ਪਾਸੋਂ ਕਿਸਾਨਾਂ ਦੀ ਹਾਲਤ, ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ, ਤੇਲ ਕੀਮਤਾਂ ’ਚ ਵਾਧਾ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਅਹਿਮ ਮੁੱਦਿਆਂ ਦੇ ਨਾਲ-ਨਾਲ ਕੇਂਦਰ ਸਰਕਾਰ ਕੋਲ ਬਕਾਇਆ ਪਏ ਪੋਸਟ ਮੈਟ੍ਰਿਕ ਵਜ਼ੀਫ਼ੇ ਦੇ 1617 ਕਰੋੜ ਰੁਪਏ ਦੇ ਫੰਡਾਂ ਦਾ ਮਸਲਾ ਚੁੱਕਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਰਾਹੁਲ ਗਾਂਧੀ ਭਾਜਪਾ ਲਈ ਵੱਡੀ ਚੁਣੌਤੀ ਬਣ ਕੇ ਉਭਰੇ ਹਨ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਦੂਰ-ਅੰਦੇਸ਼ੀ ਲੀਡਰਸ਼ਿਪ ਦੇ ਸਦਕਾ ਹੀ ਭਾਜਪਾ ਨੂੰ ਅਕਾਲੀ ਦਲ ਪ੍ਰਤੀ ਥੋੜ੍ਹਾ-ਬਹੁਤ ਸਤਿਕਾਰ ਦਿਖਾਉਣ ਲਈ ਮਜਬੂਰ ਹੋਣਾ ਪਿਆ ਹੈ।  ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਮੀਟਿੰਗ ਵਿੱਚ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਨਾਲ ਜੁੜੇ ਮਸਲਿਆਂ ਪ੍ਰਤੀ ਭਾਜਪਾ ਆਗੂ ਪਾਸੋਂ ਕੁਝ ਕਰਨ ਦਾ ਵਾਅਦਾ ਲੈਣ ਲਈ ਮਜਬੂਰ ਕਰ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕੇਂਦਰੀ ਵਜ਼ਾਰਤ ਦਾ ਇੱਕ ਹੋਰ ਅਹੁਦਾ ਲੈ ਕੇ ਹੀ ਹੱਥ ’ਤੇ ਹੱਥ ਧਰ ਕੇ ਨਹੀਂ ਬੈਠ ਜਾਣਾ ਚਾਹੀਦਾ ਸਗੋਂ ਉਸ ਨੂੰ ਪੰਜਾਬ ਦੇ ਹਿੱਤਾਂ ਲਈ ਝੰਡਾ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਆਪਣੇ ਭਾਈਵਾਲ ਅਕਾਲੀ ਦਲ ਨੂੰ ਕੇਂਦਰੀ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕਰ ਸਕਦੀ ਹੈ। ਉਨ੍ਹਾਂ ਬਾਦਲਾਂ ਨੂੰ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਅੱਜ ਹੀ ਭਾਜਪਾ ਪ੍ਰਧਾਨ ਨੂੰ ਪੱਤਰ ਭੇਜ ਕੇ ਦੱਸ ਦੇਣਾ ਚਾਹੀਦਾ ਹੈ ਕਿ ਉਹ ਕੱਲ੍ਹ ਦੀ ਮੀਟਿੰਗ ਵਿੱਚ ਖਾਲੀ ਹੱਥ ਨਾ ਪਹੁੰਚਣ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਭਾਜਪਾ ਆਗੂਆਂ ਨੇ ਝੂਠੇ ਵਾਅਦੇ ਕਰ ਕੇ ਦੇਸ਼ ਵਾਸੀਆਂ ਨਾਲ ਧੋਖਾ ਕੀਤਾ ਹੈ ਅਤੇ ਕੇਂਦਰ ਦੀਆਂ ਮਾੜੀਆਂ ਨੀਤੀਆਂ ਕਰ ਕੇ ਹੀ ਅੱਜ ਦੇਸ਼ ਭਰ ਵਿੱਚ ਕਿਸਾਨ ਸੜਕਾਂ ’ਤੇ ਉਤਰੇ ਹੋਏ ਹਨ। ਮੋਦੀ ਸਰਕਾਰ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੇ ਵਾਅਦੇ ਤੋਂ ਵੀ ਭੱਜ ਗਈ ਹੈ। ਜਾਖੜ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਲਈ ਫੰਡ ਜਾਰੀ ਕਰਵਾਉਣ ਵਾਸਤੇ ਕੇਂਦਰ ਸਰਕਾਰ ’ਤੇ ਦਬਾਅ ਬਣਾ ਰਹੇ ਹਨ। ਪ੍ਰੈੱਸ ਕਾਨਫਰੰਸ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਵਿਧਾਇਕ ਕੁਲਜੀਤ ਨਾਗਰਾ ਤੇ ਕੁਸ਼ਲਦੀਪ ਸਿੰਘ ਢਿੱਲੋਂ ਹਾਜ਼ਰ ਸਨ।