ਚੰਡੀਗੜ, 2 ਨਵੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਅਰਾਜਕਤਾ ਵੱਲ ਜਾਣ ਦੇ ਲਾਏ ਦੋਸ਼ਾਂ ਨੂੰ ਨਕਾਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬੀਤੇ 10 ਸਾਲਾਂ ਨਾਲੋਂ ਕਿਤੇ ਬਿਹਤਰ ਹੈ। ਇਸ ਸਾਲ ਮਾਰਚ ਵਿੱਚ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਜੁਰਮ ਦੀਆਂ ਵੱਡੀਆਂ ਘਟਨਾਵਾਂ ਵਿੱਚ ਗਿਰਾਵਟ ਆਉਣ ਦੇ ਤੱਥ ਇਸ ਦੀ ਗਵਾਹੀ ਭਰਦੇ ਹਨ। ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਬਾਰੇ ਸਾਬਕਾ ਮੁੱਖ ਮੰਤਰੀ ਵੱਲੋਂ ਲਾਏ ਦੋਸ਼ਾਂ ਨੂੰ ਸਿੱਧ ਕਰਨ ਦੀ ਚੁਣੌਤੀ ਦਿੰਦਿਆਂ ਕੈਪਟਨ  ਨੇ ਆਖਿਆ ਕਿ ਇਸ ਸਾਲ ਵਿਧਾਨ ਸਭਾ ਚੋਣਾਂ ਵਿੱਚ ਹੋਈ ਸੱਤਾ ਤਬਦੀਲੀ ਤੋਂ ਬਾਅਦ ਅਮਨ-ਚੈਨ ਦੀ ਵਿਵਸਥਾ ਵਿੱਚ ਵੱਡਾ ਸੁਧਾਰ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਜੰਗਲ ਰਾਜ ਦੇ ਉਲਟ ਪੰਜਾਬ ਵਿੱਚ ਹੁਣ ਅਮਨ-ਸ਼ਾਂਤੀ ਬਣੀ ਹੋਈ ਹੈ ਕਿਉਂਕਿ ਪਿਛਲੇ ਅੱਠ ਮਹੀਨਿਆਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ਿਆਂ ਦੇ ਧੰਦੇ ’ਤੇ ਕਾਬੂ ਪੈਣ ਦੇ ਨਾਲ ਕਤਲ ਅਤੇ ਅਗਵਾ ਵਰਗੇ ਜੁਰਮਾਂ ਵਿੱਚ ਵੀ ਗਿਰਾਵਟ ਆਈ ਹੈ। ਬਾਦਲ ਸਰਕਾਰ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਤੋਂ ਪਹਿਲਾਂ ਪੰਜਾਬ ਦੇ ਲੋਕ ਖ਼ੌਫਜ਼ਦਾ ਮਾਹੌਲ ਵਿੱਚ ਦਿਨ ਕਟੀ ਕਰਦੇ ਸਨ ਅਤੇ ਗੱਠਜੋੜ ਸਰਕਾਰ ਦੀ ਪੁਸ਼ਤਪਨਾਹੀ ਨਾਲ ਚਾਰ-ਚੁਫੇਰੇ ਗੈਂਗਸਟਰਾਂ ਦਾ ਬੋਲਬਾਲਾ ਸੀ। ਕਾਂਗਰਸ ਸਰਕਾਰ ਨੇ ਅਪਰਾਧੀਆਂ ਨੂੰ ਨੱਥ ਪਾਉਣੀ ਸ਼ੁਰੂ ਕਰ ਦਿੱਤੀ।