ਲੁਧਿਆਣਾ , ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਤੋਂ ਕਲੀਨ ਚਿੱਟ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਾਂਗਰਸੀ ਗੁੰਡਾਗਰਦੀ ’ਤੇ ਉਤਰ ਆਏ ਹਨ। ਉਹ ਕਾਂਗਰਸੀਆਂ ਵੱਲੋਂ ਜ਼ਖਮੀ ਕੀਤੇ ‘ਆਪ’ ਨੇਤਾ ਅਮਰ ਸਿੰਘ ਉਰਫ਼ ਹੈਪੀ ਸੇਖੋਂ ਤੇ ਉਸ ਦੇ ਭਰਾ ਦਾ ਹਾਲ ਜਾਣਨ ਲਈ ਡੀਐਮਸੀ ਹਸਪਤਾਲ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨਾਲ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਆਗੂ ਵੀ ਹਾਜ਼ਰ ਸਨ।ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸਰਕਾਰ ਆਉਣ ਤੋਂ ਬਾਅਦ ਕਾਂਗਰਸੀ ਗੁੰਡਾਗਰਦੀ ਕਰਨ ਲੱਗੇ ਹਨ। ਖੰਨਾ ਵਿੱਚ ਗਾਂਧੀ ਗਰੁੱਪ ਦੇ ਮਨਵਿੰਦਰ ਗਾਂਧੀ ਦੇ ਕਤਲ ਤੋਂ ਸਾਫ਼ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਕਹਿੰਦੇ ਹਨ ਕਿ ਸਾਰੇ ਗੈਂਗਸਟਰ ਸੂਬਾ ਛੱਡ ਕੇ ਭੱਜ ਚੁੱਕੇ ਹਨ, ਕੈਪਟਨ ਨੂੰ ਉਨ੍ਹਾਂ ਗੈਂਗਸਟਰਾਂ ਦੇ ਨਾਮ ਦੱਸਣੇ ਚਾਹੀਦੇ ਹਨ। ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਕੋਈ ਵੀ ਕਦਮ ਚੁੱਕਣ ਵਿੱਚ ਨਾਕਾਮ ਨਜ਼ਰ ਆ ਰਹੀ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਬਾਦਲਾਂ ਨੂੰ ਬਚਾਉਣ ਲਈ ਕੈਪਟਨ ਨੇ ਆਪਣੇ ਸਾਰੇ ਮੰਤਰੀਆਂ ਦੇ ਹੱਥ ਬੰਨ੍ਹ ਦਿੱਤੇ ਹਨ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਫਾਸਟਵੇਅ ਦਾ 20 ਹਜ਼ਾਰ ਕਰੋੜ ਦਾ ਘੁਟਾਲਾ ਸਾਹਮਣੇ ਲਿਆਂਦਾ ਹੈ ਪਰ ਕੈਪਟਨ ਬਾਦਲਾਂ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ। ਇਸ ਲਈ ਨਾ ਤਾਂ ਪੰਜਾਬ ਵਿੱਚ ਰੇਤ ਮਾਫ਼ੀਆ ਖ਼ਤਮ ਹੋ ਰਿਹਾ ਹੈ ਤੇ ਨਾ ਹੋਰ ਮਾਫ਼ੀਆ ਨੂੰ ਨੱਥ ਪਈ ਹੈ। ਉਨ੍ਹਾਂ ਮੰਗ ਕੀਤੀ ਕਿ ਸਿਟੀ ਸੈਂਟਰ ਮਾਮਲੇ ਦੀ ਕਿਸੇ ਹੋਰ ਏਜੰਸੀ ਤੋਂ ਜਾਂਚ ਕਰਵਾਈ ਜਾਵੇ।