ਜਲੰਧਰ, 14 ਦਸੰਬਰ
ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ’ਚ ਲੋਕਾਂ ਕੋਲੋਂ ‘ਦਿੱਲੀ ਮਾਡਲ’ ਦੇ ਨਾਂ ’ਤੇ ਵੋਟਾਂ ਮੰਗੀਆਂ। ਭਾਰਗੋ ਕੈਂਪ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਦਿੱਲੀ ਵਿਚ ਆਪ ਦੀ ਸਰਕਾਰ ਦੀਆਂ ਸਿਫਤਾਂ ਗਿਣਾਈਆਂ। ਵਾਰਡ ਨੰਬਰ 36 ਵਿਚ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਦਿੱਲੀ ਵਿਚ ਸਰਕਾਰੀ ਸਕੂਲਾਂ ਦਾ ਪੱਧਰ ਆਪ ਦੀ ਸਰਕਾਰ ਨੇ ਏਨਾ ਉੱਚਾ ਚੁੱਕ ਦਿੱਤਾ ਹੈ ਕਿ ਨਿੱਜੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਹਟਾ ਕੇ ਮਾਪੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਨੂੰ ਪਹਿਲ ਦੇਣ ਲੱਗ ਪਏ ਹਨ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੀ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਚਾਚੇ-ਭਤੀਜੇ ਦੀ ਸਰਕਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਨਿਗਮ ਦੀਆਂ ਚੋਣਾਂ ’ਚ ਅਸਲ ਮੁੱਦੇ ਚੁੱਲ੍ਹਿਆਂ ਨਾਲ ਜੁੜੇ ਹੁੰਦੇ ਹਨ ਤੇ ਚੰਗੇ ਆਗੂਆਂ ਦੀ ਚੋਣ ਕਰਨ ਨਾਲ ਹੀ ਸੁਧਾਰ ਹੋਵੇਗਾ। ਕੈਪਟਨ ਸਰਕਾਰ ਦੀ ਧੱਕੇਸ਼ਾਹੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਾਲਵੇ ’ਚ ਉਨ੍ਹਾਂ ਦੇ ਪਾਰਟੀ ਆਗੂਆਂ ਨਾਲ ਵੀ ਧੱਕੇਸ਼ਾਹੀ ਕੀਤੀ ਗਈ ਪਰ ਉਨ੍ਹਾਂ ਨੇ ਇਸ ਦਾ ਵਿਰੋਧ ਸਬੰਧਤ ਦਫਤਰਾਂ ਦਾ ਘਿਰਾਓ ਕਰਕੇ ਕੀਤਾ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੇਸ਼ਮੀ ਰਜਾਈ ਲੈ ਕੇ ਹਰੀਕੇ ਪੱਤਣ ਦਾ ਪੁਲ ਰੋਕ ਦਿੱਤਾ। ਇਸੇ ਤਰ੍ਹਾਂ ਅਕਾਲੀ ਦਲ ਨੇ ਹੋਰ ਪੁਲਾਂ ਨੂੰ ਰੋਕ ਕੇ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਅੱਗੇ ਧਰਨਾ ਦੇਣਾ ਚਾਹੀਦਾ ਸੀ ਨਾ ਕਿ ਪੁਲਾਂ ਨੂੰ ਰੋਕ ਕੇ ਲੱਖਾਂ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੀਦਾ ਸੀ। ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਹੀ ਅਕਾਲੀ ਦਲ ਦੇ ਆਗੂ ਲੋਕਾਂ ਕੋਲੋਂ ਮੁਆਫੀ ਮੰਗਣ ਲਈ ਮਜਬੂਰ ਹੋ ਗਏ।
ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਨੇ ਜਿਹੜੇ ਉਮੀਦਵਾਰਾਂ ਨੂੰ ਚੋਣਾਂ ’ਚ ਉਤਾਰਿਆ ਹੈ ਉਹ ਕੋਈ ਸਿਫਾਰਸ਼ੀ ਜਾਂ ਪੈਸੇ ਦੇ ਕੇ ਨਹੀਂ ਆਏ ਸਗੋਂ ਤੁਹਾਡੇ ਹਲਕਿਆਂ ਵਿਚੋਂ ਹੀ ਹਨ ਜਿਹੜੇ ਲੋਕਾਂ ਦੀ ਨਬਜ਼ ਪਛਾਣਦੇ ਹਨ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਵਿੱਚ ਤਾਂ ਟਿਕਟਾਂ ਵੇਚੀਆਂ ਜਾਂਦੀਆਂ ਹਨ ਪਰ ਆਮ ਆਦਮੀ ਪਾਰਟੀ ਵਰਕਰ ਦੀ ਮਿਹਨਤ ਤੇ ਲਗਨ ਦੀ ਕਦਰ ਕਰਦੀ ਹੈ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਬੱਬੂ ਨੀਲਕੰਠ, ਪਰਮਜੀਤ ਸਚਦੇਵਾ ਸਮੇਤ ਵੱਖ ਵੱਖ ਵਾਰਡਾਂ ਤੋਂ ਖੜ੍ਹੇ ਉਮੀਦਵਾਰ ਵੀ ਹਾਜ਼ਰ ਸਨ।ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ’ਤੇ ਲਾਏ ਦੋਸ਼ਾਂ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਕਦੇ ਵੀ ਨਹੀਂ ਹੋਇਆ ਕਿ ਕਿਸੇ ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ’ਤੇ ਇਸ ਤਰ੍ਹਾਂ ਦੇ ਗੰਭੀਰ ਦੋਸ਼ ਲਾਏ ਹੋਣ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਪਾਕਿਸਤਾਨ ਦੇ ਕੁਝ ਖ਼ਾਸ ਬੰਦਿਆਂ ਨਾਲ ਹੋਈ ਗੱਲਬਾਤ ਦਾ ਜ਼ਿਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਨਾਲ ਕੀਤਾ ਹੈ, ਉਹ ਆਪਣੇ ਆਪ ਵਿੱਚ ਬੜਾ ਗੰਭੀਰ ਮੁੱਦਾ ਹੈ।