ਅੰਮ੍ਰਿਤਸਰ, ਮੁਤਵਾਜ਼ੀ ਜਥੇਦਾਰਾਂ ਵੱਲੋਂ 7 ਨਵੰਬਰ ਨੂੰ ਤਲਬ ਕੀਤੇ ਜਾਣ ਬਾਅਦ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਕੁੱਝ ਮੈਂਬਰਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਕ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਥੇਦਾਰ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਨੂੰ ਜਲਦੀ ਧਾਰਮਿਕ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਵਿਚਾਰਿਆ ਜਾਵੇਗਾ ਅਤੇ ਦੀਵਾਲੀ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਇਸ ’ਤੇ ਚਰਚਾ ਕੀਤੀ ਜਾਵੇਗੀ।
ਜਥੇਦਾਰ ਕੋਲ ਜਾਣ ਤੋਂ ਪਹਿਲਾਂ ਇਥੇ ਗੁਰਦਾਸ ਹਾਲ ਵਿੱਚ ਇਕੱਠੇ ਹੋਏ ਸ਼੍ਰੋਮਣੀ ਕਮੇਟੀ ਦੇ ਲਗਪਗ 60 ਮੈਂਬਰਾਂ ਨੇ ਇਕ ਮਤਾ ਪਾਸ ਕੀਤਾ। ਇਹ ਮਤਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰਾ ਨੇ ਪੜ੍ਹਿਆ। ਮਤੇ ਵਿੱਚ ਦੋਸ਼ ਲਾਇਆ ਗਿਆ ਕਿ ਮੁਤਵਾਜ਼ੀ ਜਥੇਦਾਰਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਬਰਾਬਰ ਕਾਰਵਾਈ ਕਰਨ, ਪ੍ਰਵੇਸ਼ ਦੁਆਰ ਪਲਾਜ਼ਾ ਵਿੱਚ ਖੜ੍ਹੇ ਹੋ ਕੇ ਹੁਕਮਨਾਮੇ ਜਾਰੀ ਕਰਨ ਨਾਲ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਲੱਗ ਰਹੀ ਹੈ ਅਤੇ ਕੌਮ ਵਿੱਚ ਦੁਬਿਧਾ ਪੈਦਾ ਕੀਤੀ ਜਾ ਰਹੀ ਹੈ। ਇਸ ਲਈ ਮੁਤਵਾਜ਼ੀ ਜਥੇਦਾਰਾਂ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਜਗੀਰ ਕੌਰ ਨੇ ਦੋਸ਼ ਲਾਇਆ ਕਿ ਮੁਤਵਾਜ਼ੀ ਜਥੇਦਾਰ ਕਾਂਗਰਸ ਦੇ ਹੱਥ ਠੋਕੇ ਹਨ ਅਤੇ ਉਸ ਦੇ ਇਸ਼ਾਰੇ ’ਤੇ ਸਾਜ਼ਿਸ਼ ਤਹਿਤ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਢਾਹ ਲਗਾ ਰਹੇ ਹਨ।