ਚੰਡੀਗੜ੍ਹ, 17 ਅਕਤੂਬਰ
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਬੇਅਦਬੀ ਅਤੇ ਗੋਲੀ ਕਾਂਡ ਦੇ ਮੁਲਜ਼ਮਾਂ ਵਿਰੁੱਧ ਕਾਰਵਾਈ ਦੇ ਮੁੱਦੇ ’ਤੇ ਕੈਪਟਨ ਸਰਕਾਰ ਦੀ ਨੀਅਤ ਵਿੱਚ ਖੋਟ ਹੋਣ ਦੇ ਦੋਸ਼ ਲਾਏ ਹਨ। ਆਗੂ ਸੁਖਪਾਲ ਸਿੰਘ ਖਹਿਰਾ ਤੇ ਸੀਨੀਅਰ ਆਗੂ ਕੰਵਰ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਸ ਤਰ੍ਹਾਂ ਸੰਵੇਦਨਸ਼ੀਲ ਮੁੱਦਿਆਂ ਦੇ ਮਾਮਲੇ ’ਤੇ ਕਾਰਵਾਈ ਕਰਨ ਦਾ ਅਮਲ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀਆਂ ਸਿਫਾਰਸ਼ਾਂ ਤੋਂ ਬਾਅਦ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਹ ਲੋਕਾਂ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ‘ਸਿੱਟ’ ਦੀਆਂ ਸਿਫਾਰਸ਼ਾਂ ’ਤੇ ਕਾਰਵਾਈ ਕਰਨ ਦੇ ਐਲਾਨ ਕਸੂਰਵਾਰਾਂ ਨੂੰ ਬਚਾਉਣ ਵੱਲ ਹੀ ਕਦਮ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਸਿੱਟ ਦੀਆਂ ਸਿਫਾਰਸ਼ਾਂ ਮੁਤਾਬਕ ਹੀ ਕਾਰਵਾਈ ਕਰਨੀ ਸੀ ਤਾਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਕਾਇਮ ਕਿਉਂ ਕੀਤਾ ਸੀ? ਆਪ ਦੇ ਬਾਗੀ ਧੜੇ ਨੇ ਕਿਹਾ ਕਿ ਕਮਿਸ਼ਨ ਵੱਲੋਂ 30 ਜੂਨ ਨੂੰ ਰਿਪੋਰਟ ਸੌਂਪ ਦਿੱਤੀ ਗਈ ਸੀ ਤੇ ਇਨ੍ਹਾਂ ਰਿਪੋਰਟਾਂ ਵਿੱਚ ਬੇਅਦਬੀ ਅਤੇ ਗੋਲੀ ਕਾਂਡਾਂ ਵਿੱਚ ਕਸੂਰਵਾਰਾਂ ਦੀ ਭੂਮਿਕਾ ਬਾਰੇ ਸਪੱਸ਼ਟ ਤੱਥ ਪੇਸ਼ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਏਡੀਜੀਪੀ ਦੀ ਅਗਵਾਈ ਹੇਠ ‘ਸਿੱਟ’ ਨੇ ਵੀ ਨਵੇਂ ਸਿਰੇ ਤੋਂ ਲੋਕਾਂ ਦੀਆਂ ਗਵਾਹੀਆਂ ਦਰਜ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਵੱਲੋਂ ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰਾਹਤ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਵੀ ਸਰਕਾਰ ਦੀ ਭੂਮਿਕਾ ਪੂਰੀ ਤਰ੍ਹਾਂ ਸ਼ੱਕੀ ਹੈ, ਕਿਉਂਕਿ ਅਦਾਲਤ ਵਿੱਚ ਵੀ ਸਰਕਾਰ ਵੱਲੋਂ ਠੋਸ ਤਰੀਕੇ ਨਾਲ ਕੇਸ ਨਹੀਂ ਲੜੇ ਜਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੀ ਨੀਅਤ ਕਸੂਰਵਾਰਾਂ ਖਿਲਾਫ਼ ਕਾਰਵਾਈ ਕਰਨ ਦੀ ਹੈ, ਤਾਂ ਘੱਟ ਤੋਂ ਘੱਟ ਸਾਬਕਾ ਡੀਜੀਪੀ ਨੂੰ ਨੋਟਿਸ ਦੇ ਕੇ ਤਫ਼ਤੀਸ਼ ਤਾਂ ਸ਼ੁਰੂ ਕੀਤੀ ਜਾਵੇ। ਆਪ ਦੇ ਬਾਗੀ ਧੜੇ ਨੇ ਪਾਰਟੀ ਵੱਲੋਂ 5 ਮੈਂਬਰੀ ਤਾਲਮੇਲ ਕਮੇਟੀ ਬਣਾਏ ਜਾਣ ਨੂੰ ਚੰਗਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਨਾਰਾਜ਼ ਗਰੁੱਪ ਵੱਲੋਂ ਪਹਿਲਾਂ ਹੀ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ ਤੇ ਜੇਕਰ ਕੋਈ ਗੱਲਬਾਤ ਦਾ ਰਾਹ ਖੋਲ੍ਹਣਾ ਚਾਹੁੰਦਾ ਹੈ ਤਾਂ ਸਾਨੂੰ ਕੋਈ ਹਿਚਕਾਚਾਟ ਨਹੀਂ ਹੈ।