ਅੰਮ੍ਰਿਤਸਰ, 17 ਮਈ
ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਮੁਖੀ ਜਸਟਿਸ ਰਣਜੀਤ ਸਿੰਘ ਨੇ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਉਨ੍ਹਾਂ ਅਧਿਕਾਰੀਆਂ ਦੇ ਬਿਆਨ ਕਲਮਬੰਦ ਕੀਤੇ, ਜਿਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਕਮਿਸ਼ਨ ਵੱਲੋਂ ਪਿਛਲੇ ਸਮੇਂ ਤੋਂ ਪੰਜਾਬ ਭਰ ਵਿੱਚ ਵਾਪਰੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਤਹਿਤ ਬੀਤੇ ਦਿਨ ਉਨ੍ਹਾਂ ਪਿੰਡ ਜਹਾਂਗੀਰ ਅਤੇ ਹੋਰ ਕੁਝ ਥਾਵਾਂ ’ਤੇ ਵਾਪਰੀਆਂ ਘਟਨਾਵਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਘਟਨਾ ਨਾਲ ਜੁੜੇ ਲੋਕਾਂ ਦੇ ਬਿਆਨ ਵੀ ਕਲਮਬੰਦ ਕੀਤੇ ਹਨ। ਇਸੇ ਤਹਿਤ ਉਨ੍ਹਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਕੁਝ ਅਧਿਕਾਰੀਆਂ ਦੇ ਵੀ ਬਿਆਨ ਕਲਮਬੰਦ ਕੀਤੇ ਹਨ। ਹਰਿਮੰਦਰ ਸਾਹਿਬ ਦੀ ਪ੍ਰਕਰਮਾ ਦੇ ਮੈਨੇਜਰ ਸੁਖਰਾਜ ਸਿੰਘ ਤੇ ਹੋਰਨਾਂ ਨੇ ਵਾਪਰੀਆਂ ਘਟਨਾਵਾਂ ਸਬੰਧੀ ਆਪਣੇ ਬਿਆਨ ਦਿੱਤੇ ਹਨ। ਦੱਸਣਯੋਗ ਹੈ ਕਿ ਹਰਿਮੰਦਰ ਸਾਹਿਬ ਸਮੂਹ ਵਿੱਚ ਬੇਅਦਬੀ ਦੀਆਂ ਦੋ ਘਟਨਾਵਾਂ ਵਾਪਰੀਆਂ ਸਨ, ਜਿਸ ਤਹਿਤ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਇਨ੍ਹਾਂ ਦੋਵਾਂ ਖ਼ਿਲਾਫ਼ ਵੱਖ-ਵੱਖ ਕੇਸ ਵੀ ਦਰਜ ਕੀਤੇ ਸਨ। ਜਸਟਿਸ ਰਣਜੀਤ ਸਿੰਘ ਦੀ ਆਮਦ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬੇਅਦਬੀ ਘਟਨਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ। ਉਨ੍ਹਾਂ ਹਰਿਮੰਦਰ ਸਾਹਿਬ ਵੀ ਮੱਥਾ ਟੇਕਿਆ ਅਤੇ ਮਗਰੋਂ ਵਾਪਸ ਚਲੇ ਗਏ।