ਕਿਸੇ ਵੀ ਤਰਾਂ ਦੇ ਗਰਮਖਿਆਲੀ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਹਰਗਿਜ਼ ਨਹੀਂ ਦਿੱਤੀ ਜਾਵੇਗੀ

ਹਰੇਕ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਨਹੀਂ, ਗਿ੍ਰਫਤਾਰ ਕੀਤੇ ਵਿਦਿਆਰਥੀਆਂ ਦੇ ਸਥਾਨਕ ਲੋਕਾਂ ਨਾਲ ਸੰਪਰਕ ਬਾਰੇ ਅਜੇ ਤੱਕ ਕੁਝ ਸਾਹਮਣੇ ਨਹੀਂ ਆਇਆ

ਚੰਡੀਗੜ, 15 ਅਕਤੂਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌੜੇ ਰਾਜਸੀ ਹਿੱਤਾਂ ਦੀ ਖਾਤਰ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ’ਤੇ ਵਰਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਵਾਪਰੇ ਗੋਲੀਕਾਂਡ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਬਾਰੇ ਉਨਾਂ ਵੱਲੋਂ ਕੀਤੇ ਵਾਅਦੇ ਤੋਂ ਪਿੱਛੇ ਮੁੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਬਰਗਾੜੀ ਵਿੱਚ ਹਾਲਾਤ ਕਾਬੂ ਤੋਂ ਬਾਹਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਇਸ ਨਾਲ ਨਜਿੱਠਣ ਦੇ ਪੂਰੀ ਤਰਾਂ ਸਮਰੱਥ ਹੈ।

ਜਦੋਂ ਮੁੱਖ ਮੰਤਰੀ ਨੂੰ ਇਹ ਪੁੱਛਿਆ ਕਿ ਬਰਗਾੜੀ ਗਰਮਖਿਆਲੀਆਂ ਦੇ ਇਕੱਤਰਤਾ ਦਾ ਕੇਂਦਰ ਬਣਦਾ ਜਾ ਰਿਹਾ ਹੈ ਤਾਂ ਉਨਾਂ ਕਿਹਾ ਕਿ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਕੁਝ ਲੋਕ ਇਸ ਮੁੱਦੇ ਦਾ ਸਿਆਸੀਕਰਨ ਕੀਤੇ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸੂਬੇ ਦੇ ਲੋਕ ਅਮਨਪਸੰਦ ਹਨ ਜਿਸ ਕਰਕੇ ਇਸ ਮੁੱਦੇ ਤੋਂ ਸਿਆਸੀ ਲਾਹਾ ਖੱਟਣ ਵਾਲੇ ਅਜਿਹੇ ਤੱਤਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਨਹੀਂ ਪਵੇਗਾ।

ਮੁੱਖ ਮੰਤਰੀ ਨੇ ਗਰਮਖਿਆਲੀਆਂ ਨੂੰ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਕਾਇਮ ਕੀਤੀ ਸ਼ਾਂਤੀ ਵਿੱਚ ਵਿਘਨ ਪਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਤਾੜਨਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਟਰੋਲ ਹਾਸਲ ਲੈਣ ਲਈ ਗਰਮਖਿਆਲੀਆਂ ਦਾ ਸਮਰਥਨ ਕਰਨ ਬਾਰੇ ਪੁੱਛੇ ਜਾਣ ਬਾਰੇ ਮੁੱਖ ਮੰਤਰੀ ਨੇ ਉਨਾਂ ਦਾ ਅਜਿਹੇ ਗਰੁੱਪਾਂ ਨਾਲ ਕਦੇ ਵੀ ਕੋਈ ਨਾਤਾ ਨਹੀਂ ਰਿਹਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਕੰਟਰੋਲ ਹਾਸਲ ਕਰਨ ਵਿੱਚ ਜੇਕਰ ਸਿੱਖਾਂ ਦਾ ਕੋਈ ਨਰਮਖਿਆਲੀ ਗਰੁੱਪ ਚੋਣ ਮੈਦਾਨ ਵਿੱਚ ਉਤਰਦਾ ਹੈ ਤਾਂ ਉਹ ਉਨਾਂ ਦੀ ਹਮਾਇਤ ਕਰਨਗੇ ਕਿਉਂਕਿ ਬਾਦਲਾਂ ਨੂੰ ਇੱਥੋਂ ਬਾਹਰ ਦਾ ਰਸਤਾ ਵਿਖਾਉਣਾ ਚਾਹੁੰਦੇ ਹਨ। ਉਨਾਂ ਕਿਹਾ,‘‘ਬਾਦਲਾਂ ਨੇ ਗੁਰਦੁਆਰਿਆਂ ਨੂੰ ਬਰਬਾਦ ਕਰ ਦਿੱਤਾ।’’ ਉਨਾਂ ਕਿਹਾ ਕਿ ਜਿੱਥੋਂ ਤੱਕ ਬਾਦਲ ਦਾ ਸਵਾਲ ਹੈ, ਉਹ ਉਦਾਰਵਾਦੀ ਨਹੀਂ ਸਗੋਂ ਇਕ ਮੌਕਾਪ੍ਰਸਤ ਹੈ ਜੋ ਆਪਣੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਹਰੇਕ ਤਰਾਂ ਦੇ ਲੋਕਾਂ ਨੂੰ ਵਰਤਦਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਰਗਾੜੀ ਤੇ ਹੋਰ ਘਟਨਾਵਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ ਪਰ ਕਾਨੂੰਨ ਤਹਿਤ ਮੈਂ ਟੀਮ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਨਹੀਂ ਕਰ ਸਕਦਾ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਤੋਂ ਜਾਣੰੂ ਹੈ ਜਿਸ ਕਰਕੇ ਉਹ ਆਪਣੀ ਜਾਂਚ ਨੂੰ ਲਮਕਾਏਗੀ ਨਹੀਂ। ਉਨਾਂ ਨੇ ਐਲਾਨ ਕੀਤਾ ਕਿ ਜੇਕਰ ਜਾਂਚ ਟੀਮ ਨੂੰ ਕਿਸੇ ਖਿਲਾਫ਼ ਕਾਰਵਾਈ ਲਈ ਕੋਈ ਆਧਾਰ ਮਿਲਿਆ ਤਾਂ ਉਹ ਇਸ ਲਈ ਅਦਾਲਤ ਵਿੱਚ ਜਾਵੇਗੀ।

ਇਨਾਂ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕਰਨ ਲਈ ਕਾਂਗਰਸ ਪਾਰਟੀ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਵਾਸਤੇ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਐਸ.ਆਈ.ਟੀ. ਨੂੰ ਸੌਂਪਣ ਦਾ ਫੈਸਲਾ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਲਿਆ ਗਿਆ ਹੈ। ਉਨਾਂ ਕਿਹਾ ਕਿ ਸਰਕਾਰ ਨੇ ਸ਼ੁਰੂਆਤ ਵਿੱਚ ਜਾਂਚ ਦਾ ਜ਼ਿੰਮਾ ਸੀ.ਬੀ.ਆਈ. ਦੇ ਹੱਥਾਂ ਵਿੱਚ ਦੇਣ ਦਾ ਫੈਸਲਾ ਕੀਤਾ ਸੀ ਪਰ ਸਦਨ ਨੇ ਇਸ ਦੇ ਵਿਰੁੱਧ ਫੈਸਲਾ ਲਿਆ ਸੀ ਕਿ ਕੇਂਦਰੀ ਜਾਂਚ ਏਜੰਸੀ ਕੋਲ ਜਾਂਚ ਪ੍ਰਭਾਵਿਤ ਹੋਣ ਦਾ ਡਰ ਹੈ ਕਿਉਂਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿੱਚ ਅਕਾਲੀ ਭਾਈਵਾਲ ਹਨ।

 ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਸਪੱਸ਼ਟ ਤੌਰ ’ਤੇ ਆਖਿਆ ਹੈ ਕਿ ਇਹ ਰਿਪੋਰਟ ਸਿਰਫ਼ ਤੱਥਾਂ ਦਾ ਪਤਾ ਲਾਉਣ ਬਾਰੇ ਹੈ ਅਤੇ ਇਸ ਸਬੰਧੀ ਅੱਗੇ ਹੋਰ ਪੜਤਾਲ ਦੀ ਜ਼ਰੂਰਤ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਜਾਂਚ ਲਈ ਐਸ.ਆਈ.ਟੀ. ਟੀਮ ਵਿੱਚ ਸਭ ਤੋਂ ਵਧੀਆ ਪੇਸ਼ੇਵਰਾਂ ਨੂੰ ਸ਼ਾਮਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਇੱਥੋਂ ਤੱਕ ਕਿ ਰਾਹੁਲ ਗਾਂਧੀ ਵੱਲੋਂ ਘਟਨਾ ਤੋਂ ਤੁਰੰਤ ਬਾਅਦ ਬਹਿਬਲ ਕਲਾਂ ਦਾ ਦੌਰਾ ਕਰਨ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੇ ਮੰਤਰੀ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਸੰਪਰਕ ’ਚ ਹਨ ਅਤੇ ਇਨਾਂ ਦੇ ਪਰਿਵਾਰਾਂ ਨੂੰ ਕਮਿਸ਼ਨ ਵੱਲੋਂ ਕੀਤੀ ਗਈ ਸਿਫ਼ਾਰਸ਼ ਤੋਂ ਵੱਧ ਮੁਆਵਜ਼ਾ ਦਿੱਤਾ ਗਿਆ ਹੈ। ਇੱਥੋਂ ਤੱਕ ਕਿ ਬੀਤੇ ਦਿਨ ਵੀ ਉਨਾਂ ਦੇ ਮੰਤਰੀ ਅਤੇ ਵਿਧਾਇਕ ਮਾਰੇ ਗਏ ਵਿਅਕਤੀਆਂ ਦੇ ਘਰ ਗਏ ਜਦਕਿ ਹੋਰ ਇਸ ਮਾਮਲੇ ’ਤੇ ਸਿਰਫ਼ ਸਿਆਸੀ ਖੇਡ ਖੇਡਣ ਵਿੱਚ ਰੁੱਝੇ ਹੋਏ ਹਨ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੁਲਿਸ ਨੇ ਸੂਬੇ ਵਿੱਚ ਬੇਅਦਬੀ ਦੇ ਹੋਏ ਸਾਰੇ 157 ਕੇਸਾਂ ਦਾ ਪਤਾ ਲਾ ਲਿਆ ਹੈ। ਇਸ ਸਬੰਧ ਵਿੱਚ 129 ਵਿਅਕਤੀ ਗਿ੍ਰਫਤਾਰ ਕੀਤੇ ਗਏ ਅਤੇ 10 ਨੂੰ ਸਜ਼ਾ ਹੋਈ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਈ.ਐਸ.ਆਈ. ਲੰਮੇ ਸਮੇਂ ਤੋਂ ਪੰਜਾਬ ਵਿੱਚ ਸਰਗਰਮ ਹੈ ਅਤੇ ਇਹ ਕਸ਼ਮੀਰੀ ਵਿਦਿਆਰਥੀਆਂ ਰਾਹੀਂ ਕਾਰਵਾਈਆਂ ਅਮਲ ਵਿੱਚ ਲਿਆ ਸਕਦੀ ਹੈ। ਹਾਲਾਂਕਿ ਕਸ਼ਮੀਰ ਦਾ ਹਰੇਕ ਵਿਦਿਆਰਥੀ ਅੱਤਵਾਦੀ ਨਹੀਂ ਹੈ ਅਤੇ ਪੁਲਿਸ ਵੀ ਅਜੇ ਤੱਕ ਗਿ੍ਰਫਤਾਰ ਕੀਤੇ ਵਿਦਿਆਰਥੀਆਂ ਦੇ ਸਥਾਨਕ ਲੋਕਾਂ ਨਾਲ ਸੰਪਰਕਾਂ ਨੂੰ ਸਾਬਤ ਨਹੀਂ ਕਰ ਸਕੀ।

ਪਰਾਲੀ ਸਾੜਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਨੂੰ ਸੰਭਾਲਣ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਸਥਿਤੀ ਦਾ ਅਨੁਮਾਨ ਲਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਉਨਾਂ ਦੀ ਹਮਦਰਦੀ ਕਿਸਾਨਾਂ ਦੇ ਨਾਲ ਹੈ ਪਰ ਉਹ ਪਰਾਲੀ ਸਾੜਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕਾਨੂੰਨ ਦੇ ਪਾਬੰਦ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਉਨਾਂ ਵੱਲੋਂ ਵਾਰ-ਵਾਰ ਕੀਤੀ ਗਈ ਅਪੀਲ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਹੁੰਗਾਰਾ ਭਰਨ ਵਿੱਚ ਅਸਫ਼ਲ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇ ਹਫ਼ਤੇ ਉਨਾਂ ਦੀ ਇਜ਼ਰਾਇਲ ਜਾਣ ਦੀ ਯੋਜਨਾ ਹੈ ਜਿੱਥੇ ਉਹ ਦੁਵੱਲੇ ਸਬੰਧਾਂ ਦੇ ਮਾਮਲੇ ’ਤੇ ਅਸਰਦਾਇਕ ਵਿਚਾਰ-ਵਟਾਂਦਰਾ ਕਰਨਗੇ। ਖੇਤੀ ਦੇ ਅਧੁਨਿਕ ਤਰੀਕਿਆਂ ਤੋਂ ਇਲਾਵਾ ਪਾਣੀ ਦੀ ਸੰਭਾਲ, ਸਿੰਚਾਈ, ਪਸ਼ੂਧਨ ਦੇ ਵਿਕਾਸ, ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਦੇ ਬਾਰੇ ਵੀ ਵਿਚਾਰਵਟਾਂਦਰਾ ਕੀਤਾ ਜਾਵੇਗਾ। ਉਨਾਂ ਨੇ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਣ ਦੀ ਜ਼ਰੂਰਤ ਤੇ ਜੋਰ ਦਿੱਤਾ ਤਾਂ ਜੋ ਕਿਸਾਨਾਂ ਦੀ ਜ਼ਿਆਦਾ ਆਮਦਨ ਯਕੀਨੀ ਬਣਾਈ ਜਾ ਸਕੇ। ਉਨਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਸਿਖਲਾਈ ਅਤੇ ਹੋਮਲੈਂਡ ਸਕਿਓਰਿਟੀ ਹੋਰ ਖੇਤਰ ਵਿੱਚ ਵੀ ਪੰਜਾਬ ਇਜ਼ਰਾਇਲ ਦੇ ਸਹਿਯੋਗ ਦੀ ਮੰਗ ਕਰ ਸਕਦਾ ਹੈ।

ਤੇਲ ਕੀਮਤਾਂ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਇਸ ਸਬੰਧ ਵਿੱਚ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਸ ਮਹੀਨੇ ਦੇ ਅਖੀਰ ਤੱਕ ਇੰਤਜ਼ਾਰ ਕਰੇਗੀ ਕਿਉਂਕਿ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਲਗਾਤਾਰ ਹੇਠਾਂ-ਉੱਪਰ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੈਟਰੋਲ ਅਤੇ ਐਕਸਾਈਜ਼ ਹੀ ਸੂਬੇ ਦੀ ਆਮਦਨ ਦੇ ਮੁੱਖ ਸਰੋਤ ਹਨ ਇਨਾਂ ਤੋਂ ਇਲਾਵਾ ਬਾਕੀ ਸਾਰੇ ਸਰੋਤ ਕੇਂਦਰ ਸਰਕਾਰ ਦੇ ਕੰਟਰੋਲ ਹੇਠ ਹਨ।