ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਹੋ ਰਹੀ ਹੈ। ਇਸ ਦੌਰਾਨ ਪੰਜਾਬ ‘ਚ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਦੀ ਜਾਂਚ ਕਰ ਰਹੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਆਪਣੀ ਫਾਈਨਲ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਗ੍ਰਹਿ ਵਿਭਾਗ ਨੂੰ ਇਸ ਰਿਪੋਰਟ ਸਬੰਧੀ ਅਗਲੀ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਸਟਿਸ ਰਣਜੀਤ ਸਿੰਘ ਨੇ ਬੀਤੀ 30 ਜੂਨ ਨੂੰ ਆਪਣੀ ਜਾਂਚ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੀ ਸਿਫਾਰਿਸ਼ ਕੀਤੀ ਸੀ।
ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਲਿਖਿਆ ਕਿ ਉਨ੍ਹਾਂ ਨੇ ਅੰਤਿਮ ਰਿਪੋਰਟ ਪ੍ਰਾਪਤ ਕਰ ਲਈ ਹੈ ਤੇ ਗ੍ਰਹਿ ਵਿਭਾਗ ਨੂੰ ਅਗਲੀ ਕਾਰਵਾਈ ਲਈ ਨਿਰਦੇਸ਼ ਵੀ ਦੇ ਦਿੱਤੇ ਗਏ ਹਨ। ਇਸ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ ‘ਚ ਬਣੇ ਕਮੇਟੀ ਰੂਮ ‘ਚ ਇਹ ਮੀਟਿੰਗ ਕੀਤੀ ਜਾ ਰਹੀ ਹੈ। ਇਸ ‘ਚ ਬਰਗਾੜੀ ਕਾਂਡ ਤੇ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਫਾਈਨਲ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ।