ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਦੂਜੇ ਪੜਾਅ ਲਈ ਵੋਟਿੰਗ ਦੌਰਾਨ ਸਿਆਸੀ ਮਾਹੌਲ ਹੋਰ ਗਰਮ ਹੋ ਗਿਆ ਹੈ। ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੀ ਮੁਖੀ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰੀ ਸੁਰੱਖਿਆ ਬਲਾਂ ‘ਤੇ ਦੁਰਵਿਵਹਾਰ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੋਟਾਂ ਦੌਰਾਨ ਉਨ੍ਹਾਂ ਦੇ ਸਮਰਥਕਾਂ ‘ਤੇ ਤਸ਼ੱਦਦ ਕੀਤਾ ਗਿਆ ਅਤੇ ਲੋਕਤੰਤਰ ਦੀ ਮੂਲ ਭਾਵਨਾ ਨੂੰ ਠੇਸ ਪਹੁੰਚਾਈ ਜਾ ਰਹੀ ਹੈ।
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ, “ਬੀਤੀ ਰਾਤ ਤੋਂ ਅੱਤਿਆਚਾਰ ਸ਼ੁਰੂ ਹੋ ਗਏ ਹਨ ਅਤੇ ਸਾਡੇ ਬਹੁਤ ਸਾਰੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਔਰਤਾਂ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ। ਇਹ ਅਦਾਲਤ ਦਾ ਅਪਮਾਨ ਹੈ। ਮੈਂ ਇਸ ਤਰ੍ਹਾਂ ਦਾ ਲੋਕਤੰਤਰ ਕਦੇ ਨਹੀਂ ਦੇਖਿਆ। ਤ੍ਰਿਣਮੂਲ ਕਾਂਗਰਸ ਚੋਣਾਂ ਜਿੱਤ ਰਹੀ ਹੈ। ਸੀਆਰਪੀਐਫ ਇਸ ਤਰ੍ਹਾਂ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰ ਸਕਦੀ। ਸੂਬੇ ਦੀ ਪੁਲਿਸ ਕਿਸੇ ਵੀ ਬੂਥ ‘ਤੇ ਨਜ਼ਰ ਨਹੀਂ ਆ ਰਹੀ, ਉਨ੍ਹਾਂ ਨੇ ਸਭ ਕੁਝ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਉਨ੍ਹਾਂ ਨੂੰ ਸਰਹੱਦਾਂ ਦੀ ਰਾਖੀ ਕਰਨੀ ਚਾਹੀਦੀ ਹੈ, ਪਰ ਇਸ ਦੀ ਬਜਾਏ ਉਹ ਇੱਕ ਸਿਆਸੀ ਪਾਰਟੀ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਮੈਂ 1984 ਤੋਂ ਚੋਣਾਂ ਲੜ ਰਹੀ ਹਾਂ, ਪਰ ਅਜਿਹਾ ਜ਼ੁਲਮ ਪਹਿਲਾਂ ਕਦੇ ਨਹੀਂ ਦੇਖਿਆ।
ਮਮਤਾ ਨੇ ਅੱਗੇ ਕਿਹਾ ਕਿ ਮੈਂ 1984 ਤੋਂ ਚੋਣ ਲੜ ਰਹੀ ਹਾਂ ਅਤੇ ਇਸ ਵਾਰ ਬਹੁਤ ਜ਼ੁਲਮ ਹੋ ਰਹੇ ਹਨ। ਉਨ੍ਹਾਂ ਨੇ ਔਰਤਾਂ, ਬੱਚਿਆਂ ਨੂੰ ਮਾਰਿਆ, ਰਾਣਾਘਾਟ, ਕਲਿਆਣੀ, ਅਰਾਮਬਾਗ, ਘੋਘਾਟ, ਕੈਨਿੰਗ, ਇਨ੍ਹਾਂ ਸਾਰੀਆਂ ਥਾਵਾਂ ‘ਤੇ ਉਨ੍ਹਾਂ ਨੇ ਸਾਡੇ ਏਜੰਟਾਂ ਨੂੰ ਬਾਹਰ ਸੁੱਟ ਦਿੱਤਾ। ਕੀ ਇਹ ਆਜ਼ਾਦ ਅਤੇ ਨਿਰਪੱਖ ਚੋਣ ਹੈ? ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਪੋਲਿੰਗ ਬੂਥ ‘ਤੇ ਵੋਟ ਪਾਈ। ਵੋਟਿੰਗ ਤੋਂ ਬਾਅਦ ਕੇਂਦਰ ਸਰਕਾਰ ਅਤੇ ਸੁਰੱਖਿਆ ਬਲਾਂ ‘ਤੇ ਗੰਭੀਰ ਦੋਸ਼ ਲਾਏ ਗਏ ਹਨ।
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਵਾਨੀਪੁਰ ਵਿੱਚ ਆਪਣੀ ਜਿੱਤ ਦਾ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਤ੍ਰਿਣਮੂਲ ਕਾਂਗਰਸ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰ ਰਹੀ ਹੈ। ਵੋਟਿੰਗ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਿੱਤ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ।
