ਅੰਮ੍ਰਿਤਸਰ,
ਬੰਦੀ-ਛੋੜ ਦਿਵਸ ਮੌਕੇ ਪੁਲੀਸ ਵੱਲੋਂ ਮੁਤਵਾਜ਼ੀ ਜਥੇਦਾਰਾਂ ਨੂੰ ਹਿਰਾਸਤ ਵਿੱਚ ਲੈਣ ਬਾਅਦ ਸ਼੍ਰੋਮਣੀ ਕਮੇਟੀ ਨੇ ਸੁੱਖ ਦਾ ਸਾਹ ਲਿਆ। ਸ੍ਰੀ ਹਰਿਮੰਦਰ ਸਾਹਿਬ ਵਿੱਚ ਇਹ ਦਿਵਸ ਸ਼ਾਂਤਮਈ ਢੰਗ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਰਸ਼ਨੀ ਡਿਓਢੀ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਹੁਵਿੰਡ ਵਿੱਚ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰੇ ’ਚ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ।
ਬੰਦੀ-ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ ਮੁਤਵਾਜ਼ੀ ਜਥੇਦਾਰਾਂ ਦੀ ਆਮਦ ਮੱਦੇਨਜ਼ਰ ਇਥੇ ਪ੍ਰਸ਼ਾਸਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵੱਡੀ ਗਿਣਤੀ ਚਿੱਟ ਕੱਪੜੀਏ ਪੁਲੀਸ ਵਾਲੇ ਸ੍ਰੀ ਹਰਿਮੰਦਰ ਸਾਹਿਬ
ਸਮੂਹ ’ਚ ਤਾਇਨਾਤ ਸਨ। ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਹੋਰ ਮੁਲਾਜ਼ਮ ਵੀ ਤਾਇਨਾਤ ਸਨ। ਪੁਲੀਸ ਨੇ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਮੁਤਵਾਜ਼ੀ ਜਥੇਦਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਫੜਨ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਸਨ। ਦੋ ਮੁਤਵਾਜ਼ੀ ਜਥੇਦਾਰਾਂ ਨੂੰ ਪਹਿਲਾਂ ਹੀ ਹਿਰਾਸਤ ’ਚ ਲੈ ਲਿਆ ਸੀ ਅਤੇ ਭਾਈ ਧਿਆਨ ਸਿੰਘ ਮੰਡ ਨੂੰ ਦੀਵਾਲੀ ਵਾਲੇ ਦਿਨ ਪਹੁਵਿੰਡ ਦੇ ਗੁਰਦੁਆਰੇ ਕੋਲੋਂ ਹਿਰਾਸਤ ’ਚ ਲਿਆ ਗਿਆ ਅਤੇ ਸ਼ਾਮ ਨੂੰ ਰਿਹਾਅ ਕਰ ਦਿੱਤਾ। ਪੁਰਾਤਨ ਰਿਵਾਇਤ ਮੁਤਾਬਕ ਸ਼ਾਮ ਨੂੰ ਦਰਸ਼ਨੀ ਡਿਓਢੀ ਤੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਹੋਣ, ਗੁਰੂਘਰਾਂ ਵਿੱਚ ਸੀਸੀਟੀਵੀ ਕੈਮਰੇ ਲਾਉਣ, ਨਸ਼ਿਆਂ ਤੇ ਪਤਿੱਤਪੁਣੇ ਨੂੰ ਖਤਮ ਕਰਨ ਲਈ ਮਾਪਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ, ਸ਼ਰਾਬ ਦੇ ਠੇਕੇ ਚੁਕਵਾਉਣ ਲਈ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਮਤੇ ਪਾਸ ਕਰਕੇ ਸਰਕਾਰ ਨੂੰ ਭੇਜਣ, ਵਿਆਹ ਸ਼ਾਦੀਆਂ ਤੇ ਹੋਰ ਸਮਾਜਿਕ ਰਸਮਾਂ ’ਤੇ ਫਜ਼ੂਲ ਖਰਚੀ ਬੰਦ ਕਰਨ ਤੇ ਸਮਾਜਿਕ ਰਸਮਾਂ ਗੁਰੂਘਰਾਂ ’ਚ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਲਈ ਵੀ ਕਿਹਾ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਰਾਤ ਸਮੇਂ ਆਤਿਸ਼ਬਾਜ਼ੀ ਕੀਤੀ ਗਈ। ਅਤਿ-ਆਧੁਨਿਕ ਐਲਈਡੀ ਲਾਈਟਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਰੁਸ਼ਨਾ ਰਿਹਾ ਸੀ। ਇਸ ਨਜ਼ਾਰੇ ਨੂੰ ਦੇਖਣ ਲਈ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਸੰਗਤ ਪੁੱਜੀ ਹੋਈ ਸੀ।ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਸਿੱਖ ਪ੍ਰਭੂਸੱਤਾ ਦੇ ਪ੍ਰਤੀਕ ਮਹਾਨ ਤਖ਼ਤਾਂ ਤੋਂ ਪੰਥ ਦੀਆਂ ਭਾਵਨਾਵਾਂ ਖ਼ਿਲਾਫ਼ ਅਤੇ ਡੇਰੇਦਾਰਾਂ ਦੇ ਹੱਕ ’ਚ ਹੁਕਮਨਾਮੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਗੁਰਧਾਮਾਂ ਤੇ ਤਖ਼ਤਾਂ ਨੂੰ ਆਜ਼ਾਦ ਕਰਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਾਉਣ ਦਾ ਸੱਦਾ ਦਿੱਤਾ।