ਪਠਾਨਕੋਟ, 21 ਅਪਰੈਲ
ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਤੋਂ ਬਾਅਦ ਸ਼ਵੇਤ ਮਲਿਕ ਦੇ ਸਨਮਾਨ ਵਿੱਚ ਅੱਜ ਇੱਥੇ ਰੈਲੀ ਕੀਤੀ ਗਈ। ਇਸ ਮੌਕੇ ਸ੍ਰੀ ਮਲਿਕ ਨੇ ਕਿਹਾ ਕਿ ਭਾਜਪਾ ਵੱਲੋਂ ਪੂਰੇ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੇ ਲੇਖੇ-ਜੋਖੇ ਸਬੰਧੀ ਰੈਲੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਨਾ ਪੁਗਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਰੈਲੀਆਂ ‘ਪੰਜਾਬ ਬਚਾਓ ਅੰਦੋਲਨ’ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਆਗਾਮੀ ਲੋਕਾਂ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ਦਾ ਦਾਅਵਾ ਵੀ ਕੀਤਾ।
ਇਸ ਮੌਕੇ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਾਕੇਸ਼ ਰਾਠੌਰ, ਗੁਰਦਾਸਪੁਰ ਲੋਕ ਸਭਾ ਹਲਕੇ ਦੇ ਇੰਚਾਰਜ ਸਵਰਨ ਸਲਾਰੀਆ, ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਸੁਜਾਨਪੁਰ ਦੇ ਵਿਧਾਇਕ ਦਿਨੇਸ਼ ਸਿੰਘ ਬੱਬੂ, ਸਾਬਕਾ ਵਿਧਾਇਕ ਸੀਮਾ ਕੁਮਾਰੀ, ਮਰਹੁੂਮ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ, ਜ਼ਿਲ੍ਹਾ ਪ੍ਰਧਾਨ ਅਨਿਲ ਰਾਮਪਾਲ, ਮੇਅਰ ਅਨਿਲ ਵਾਸੂਦੇਵਾ, ਚੇਅਰਮੈਨ ਯੋਜਨਾ ਕਮੇਟੀ ਸਤੀਸ਼ ਮਹਾਜਨ ਤੇ ਜ਼ਿਲ੍ਹਾ ਸਕੱਤਰ ਰਾਕੇਸ਼ ਸ਼ਰਮਾ ਵੀ ਹਾਜ਼ਰ ਸਨ।