ਚੰਡੀਗੜ੍ਹ, 29 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਕਦੇ ਕਲੀਨ ਚਿੱਟ ਨਹੀਂ ਦਿੱਤੀ। ਉਨ੍ਹਾਂ ਵਿਰੁੱਧ ਲੱਗੇ ਦੋਸ਼ਾਂ ਦੀ ਜਾਂਚ ਕਈ ਏਜੰਸੀਆਂ ਕਰ ਰਹੀਆਂ ਹਨ।
ਕੁਝ ਸਮਾਂ ਪਹਿਲਾਂ ਕਾਂਗਰਸ ਦੇ 40 ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਇੱਕ ਪੱਤਰ ਦੇ ਕੇ ਮਜੀਠੀਆ ਵਿਰੁੱਧ ਕਾਰਵਾਈ ਕਰਨ ਲਈ ਦਬਾਅ ਪਾਇਆ ਸੀ। ਕੈਬਨਿਟ ਮੰਤਰੀ ਨਵਜੋਤ ਸਿੱਧੂ, ਮਜੀਠੀਆ ਖ਼ਿਲਾਫ਼ ਜਨਤਕ ਤੌਰ ’ਤੇ ਦੋਸ਼ ਲਾਉਂਦੇ ਰਹੇ ਹਨ ਅਤੇ ਇੱਕ ਦਿਨ ਪਹਿਲਾਂ ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਪ੍ਰੈਸ ਕਾਨਫਰੰਸ ਮੌਕੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਵਿੱਚ ਉਨ੍ਹਾਂ ਕੋਲ ਸਬੂਤ ਹਨ।  ਇੱਥੇ ਪੰਜਾਬ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦਾ ਮਾਮਲਾ ਬਹੁਤ ਗੰਭੀਰ ਹੈ। ਇਸ ਵਿੱਚ ਕਿਸੇ ਨੂੰ ਕਲੀਨ ਚਿੱਟ ਦੇਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮਜੀਠੀਆ ਵਿਰੁੱਧ ਦੋਸ਼ਾਂ ਦੀ ਜਾਂਚ ਈ.ਡੀ., ਨਰਕੋਟਿਕਸ ਬਿਊਰੋ ਅਤੇ ਡੀਆਰਆਈ ਸਮੇਤ ਕੁਝ ਹੋਰ ਸਰਕਾਰੀ ਏਜੰਸੀਆਂ ਕਰ ਰਹੀਆਂ ਹਨ ਤੇ ਪੰਜਾਬ ਪੁਲੀਸ, ਕੇਂਦਰੀ ਜਾਂਚ ਏਜੰਸੀਆਂ ਨੂੰ ਸਹਿਯੋਗ ਦੇ ਰਹੀ ਹੈ। ਕੈਪਟਨ ਨੇ ਕਿਹਾ ਕਿ ‘ਆਪ’ ਆਗੂ ਸੁਖਪਾਲ ਖਹਿਰਾ ਬਾਰੇ ਨਸ਼ਿਆਂ ਦਾ ਮਾਮਲਾ ਅਦਾਲਤ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ ’ਚ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਅਤੇ ‘ਆਪ’ ਵਿਧਾਇਕਾਂ ਵੱਲੋਂ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਗੰਭੀਰ ਮਸਲੇ ਦਾ ਮਜ਼ਾਕ ਉਡਾ ਰਹੀ ਹੈ। ਦੋਵਾਂ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ ਤੇ ਸਰਕਾਰ ਕੋਈ ਦਖ਼ਲਅੰਦਾਜ਼ੀ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਦੋਵੇਂ ਵਿਰੋਧੀ ਪਾਰਟੀਆਂ ਪਹਿਲੀ ਵਾਰ ਸਦਨ ਵਿੱਚ ਲੋਕਾਂ ਦੇ ਮੁੱਦੇ ਉਠਾਉਣ ਦੀ ਬਜਾਏ ਆਪਸ ’ਚ ਉਲਝ ਕੇ ਰਹਿ ਗਈਆਂ ਹਨ। ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਇਹ ਦੋਵੇਂ ਪਾਰਟੀਆਂ ਸਦਨ ਦਾ ਸਮਾਂ ਵਧਾਉਣ ਦੀ ਮੰਗ ਕਰ ਰਹੀਆਂ ਹਨ ਤੇ ਆਪਸੀ ਦੂਸ਼ਣਬਾਜ਼ੀ ਵਿੱਚ ਸਦਨ ਦਾ ਕੀਮਤੀ ਸਮਾਂ ਬਰਬਾਦ ਕਰ ਰਹੀਆਂ ਹਨ। ਉਨ੍ਹਾਂ ਸਦਨ ਦੀ ਕਾਰਵਾਈ ਵਿੱਚ ਰੁਕਾਵਟ ਪਾ ਕੇ ਕੀਮਤੀ ਸਮਾਂ ਬਰਬਾਦ ਕਰਨ ਦੀ ਨਿਖੇਧੀ ਕੀਤੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੁੂ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਰੋਧੀ ਧਿਰ ਦੀ ਭੂੁਮਿਕਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਦਾ ਲੋਕ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ ਹੈ।

ਕਰਜ਼ਾ ਮੁਆਫ਼ੀ ਦੀ ਪਹਿਲੀ ਕਿਸ਼ਤ 15 ਦਸੰਬਰ ਨੂੰ ਹੋਵੇਗੀ ਜਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਿਸਾਨ ਕਰਜ਼ਾ ਮੁਆਫ਼ੀ ਦੀ ਪਹਿਲੀ ਕਿਸ਼ਤ 15 ਦਸੰਬਰ ਨੂੰ ਜਾਰੀ ਕਰ ਕੇ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦੇਵੇਗੀ। ਇਸ ਸਬੰਧੀ ਸਮਾਗਮ ਬਠਿੰਡਾ ਵਿੱਚ ਕਰਵਾਉਣ ਦੀ ਸੰਭਾਵਨਾ ਹੈ। ਪਹਿਲੇ ਗੇੜ ਵਿੱਚ ਸਹਿਕਾਰੀ ਕਰਜ਼ੇ ਦੀ ਕਿਸ਼ਤ ਦਿੱਤੀ ਜਾਵੇਗੀ। ਕੌਮੀਕ੍ਰਿਤ ਬੈਂਕਾਂ ਅਤੇ ਪ੍ਰਾਈਵੇਟ ਬੈਂਕਾਂ ਦੇ ਕਰਜ਼ਈ ਕਿਸਾਨਾਂ ਦੀਆਂ ਸੂਚੀਆਂ ਤਿਆਰ ਹੋਣ ’ਚ ਅਜੇ ਦੋ ਹਫ਼ਤਿਆਂ ਦਾ ਹੋਰ ਸਮਾਂ ਲੱਗਣ ਦੇ ਆਸਾਰ ਹਨ।