ਤਲਵੰਡੀ ਸਾਬੋ, 4 ਜਨਵਰੀ
ਜੰਮੂ ਕਸ਼ਮੀਰ ਵਿੱਚ ਪਾਕਿਸਤਾਨੀ ਫ਼ੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਸ਼ਹੀਦ ਹੋਏ ਪਿੰਡ ਕੌਰੇਆਣਾ ਦੇ ਲਾਂਸ ਨਾਇਕ ਕੁਲਦੀਪ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੱਲ੍ਹ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਲੋਕਾਂ ਤੋਂ ‘ਭਾਰਤ ਮਾਤਾ ਕੀ ਜੈ’ ਬੁਲਵਾਉਣ ਦਾ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੋਟਿਸ ਲਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਨੇ ਦੇਸ਼ ਲਈ ਸ਼ਹੀਦੀ ਦਿੱਤੀ ਹੈ ਤੇ ਉਹ ਸਭ ਲਈ ਸਨਮਾਨਯੋਗ ਹਨ, ਪਰ ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ‘ਭਾਰਤ ਮਾਤਾ ਕੀ ਜੈ’ ਬੁਲਵਾਉਣਾ ਗ਼ਲਤ ਹੈ, ਕਿਉਂਕਿ ਪਾਵਨ ਸਰੂਪ ਦੀ ਹਾਜ਼ਰੀ ਵਿੱਚ ਕਿਸੇ ਦੀ ਜੈ ਬੁਲਵਾਉਣਾ ਸਿੱਖ ਰਹਿਤ ਮਰਿਆਦਾ ਦੇ ਉਲਟ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਬਾਦਲ ਵੱਲੋਂ ਕੱਲ੍ਹ ਪਿੰਡ ਕੌਰੇਆਣਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸੰਗਤ ਤੋਂ ‘ਭਾਰਤ ਮਾਤਾ ਕੀ ਜੈ’ ਬੁਲਵਾਈ ਗਈ, ਜੋ ਸਿੱਖੀ ਮਰਿਆਦਾ ਦਾ ਅਪਮਾਨ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜੇ ਇਸ ਮਾਮਲੇ ਵਿੱਚ ਸੰਗਤ ਵਿੱਚੋਂ ਲਿਖਤੀ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਇਹ ਮਸਲਾ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਿਆ ਜਾ ਸਕਦਾ ਹੈ।