ਨਵੀਂ ਦਿੱਲੀ, 9 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਦਰਾਬਾਦ ਪੁਲੀਸ ਮੁਕਾਬਲੇ ਦੇ ਪਿਛੋਕੜ ਵਿੱਚ ਅੱਜ ਕਿਹਾ ਕਿ ਉਹ ਪੁਲੀਸ ਵੱਲੋਂ ਸਵੈ-ਰੱਖਿਆ ਵਿੱਚ ਗੋਲੀ ਚਲਾਉਣ ਦੀ ਪੈਰਵੀ ਕਰਦੇ ਹਨ, ਪਰ ਉਹ ਅਦਾਲਤਾਂ ਤੋਂ ਬਾਹਰ ਜਾ ਕੇ ਨਿਆਂ ਦੇਣ ਦੇ ਖਿਲਾਫ਼ ਹਨ। ਉਨ੍ਹਾਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਜਮਹੂਰੀ ਭਾਵਨਾ ਦੇ ਖ਼ਿਲਾਫ਼ ਹੈ ਤੇ ਉਹ ਇਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਦੇ ਕਾਰਜਕਾਰੀ ਪ੍ਰਧਾਨ ਬਣਨ ਮਗਰੋਂ ਕਾਂਗਰਸ ਦਾ ਪ੍ਰਦਰਸ਼ਨ ਸੁਧਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਫਸਲੀ ਵਿਭਿੰਨਤਾ ਅਤੇ ਹੋਰ ਤਰੀਕਿਆਂ ਰਾਹੀਂ ਕਿਸਾਨਾਂ ਦੀ ਸਹਾਇਤਾ ਵਾਸਤੇ ਪਰਾਲੀ ਦੇ ਲੰਬੇ ਸਮੇਂ ਦੇ ਪ੍ਰਬੰਧਨ ਲਈ ਫੰਡ ਮੁਹੱਈਆ ਕਰਵਾਉਣੇ ਚਾਹੀਦੇ ਹਨ। ਇਥੇ ਇਕ ਸਮਾਗਮ ਵਿੱਚ ਸ਼ਮੂਲੀਅਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਤਿਲੰਗਾਨਾ ਘਟਨਾ ਦੇ ਸੰਦਰਭ ਵਿੱਚ ਬੋਲਦਿਆਂ ਕਿਹਾ, ‘ਜੇ ਮੁਲਜ਼ਮਾਂ ਨੇ ਪੁਲੀਸ ਮੁਲਾਜ਼ਮਾਂ ’ਤੇ ਹਮਲਾ ਕੀਤਾ ਹੈ ਤਾਂ ਕੀਤੀ ਗਈ ਕਾਰਵਾਈ ਜਾਇਜ਼ ਹੈ।’ ਉਨ੍ਹਾਂ ਹਾਲਾਂਕਿ ਸਾਫ਼ ਕੀਤਾ ਕਿ ਪਹਿਲੀ ਨਜ਼ਰੇ ‘ਪੁਲੀਸ ਮੁਕਾਬਲੇ’ ਵਰਗੀ ਕੋਈ ਗੱਲ ਨਹੀਂ ਸੀ। ਉਨ੍ਹਾਂ ਪੰਜਾਬ ਦੀ ਗੱਲ ਕਰਦਿਆਂ ਕਿਹਾ ਕਿ ਸੂਬਾਈ ਪੁਲੀਸ ਇਸ ਬਾਰੇ ਪੂਰੀ ਤਰ੍ਹਾਂ ਸਪਸ਼ਟ ਹੈ। ਅਪਰਾਧਿਕ ਅਨਸਰਾਂ, ਅਤਿਵਾਦੀਆਂ ਤੇ ਗੈਂਗਸਟਰਾਂ ਨੂੰ ਪਹਿਲਾਂ ਆਤਮ-ਸਮਰਪਣ ਕਰਨ ਲਈ ਹੀ ਕਿਹਾ ਜਾਂਦਾ ਹੈ।
ਮੁੱਖ ਮੰਤਰੀ ਨੇ ਤਜਵੀਜ਼ਤ ਨਾਗਰਿਕਤਾ ਸੋਧ ਬਿੱਲ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਕੋਲ ਅਸੈਂਬਲੀ ਵਿੱਚ ਦੋ ਤਿਹਾਈ ਬਹੁਮੱਤ ਹੈ ਤੇ ਉਹ ਇਸ ਬਿੱਲ ਨੂੰ ਕਿਸੇ ਕੀਮਤ ’ਤੇ ਪਾਸ ਨਹੀਂ ਹੋਣ ਦੇਣਗੇ।
ਮੁੱਖ ਮੰਤਰੀ ਨੇ ਮਹਾਰਾਸ਼ਟਰ ਤੇ ਹਰਿਆਣਾ ਦੇ ਚੋਣ ਨਤੀਜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਜਪਾ ਦਾ ਰਾਸ਼ਟਰਵਾਦ ਦਾ ਏਜੰਡਾ ਹੁਣ ਚੋਣਾਂ ਵਿੱਚ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਉਹ ਰਾਸ਼ਟਰਵਾਦ ਦੀ ਗੱਲ ਪਾਕਿਸਤਾਨ ਤੋਂ ਦਰਪੇਸ਼ ਖ਼ਤਰੇ (ਖਾਸ ਕਰ ਕੇ ਆਪਣੇ ਸੂਬੇ ਨੂੰ) ਦੇ ਸੰਦਰਭ ਵਿੱਚ ਕਰਦੇ ਹਨ। ਬਦਲੇ ਦੀ ਸਿਆਸਤ ਦੇ ਮੁੱਦੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਇਹ ‘ਸਾਰੀਆਂ ਪਾਰਟੀਆਂ ਵਿੱਚ ਨਹੀਂ’ ਹੁੰਦਾ। ਉਨ੍ਹਾਂ ਸੂਬਿਆਂ ਨੂੰ ਜੀਐੱਸਟੀ ਦੇ ਮੁਆਵਜ਼ੇ ਦਾ ਬਕਾਇਆ ਦੇਣ ਵਿੱਚ ਹੋ ਰਹੀ ਦੇਰੀ ਉੱਤੇ ਵੀ ਨਾਰਾਜ਼ਗੀ ਜਤਾਈ।
ਇਸ ਦੌਰਾਨ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਭਾਜਪਾ ਦਾ ਰਾਸ਼ਟਰਵਾਦ ਦਾ ਨਾਅਰਾ ‘ਗਾਂਧੀ’ ਤੋਂ ਨਹੀਂ ਬਲਕਿ ‘ਹਿਟਲਰ’ ਤੋਂ ਪ੍ਰਭਾਵਿਤ ਹੈ। ਸ੍ਰੀ ਬਘੇਲ ਨੇ ਕਿਹਾ ਕਿ ਭਾਜਪਾ ਨੇ ਪੁਲਵਾਮਾ ਹਮਲੇ ’ਤੇ ਕਥਿਤ ਸਿਆਸਤ ਕਰ ਕੇ ਇਕ ਵਾਰ ਤਾਂ ਚੋਣਾਂ ਵਿੱਚ ਸਫ਼ਲਤਾ ਹਾਸਲ ਕਰ ਲਈ, ਪਰ ਭਗਵਾ ਪਾਰਟੀ ਨੂੰ ਮਹਾਰਾਸ਼ਟਰ ਤੇ ਹਰਿਆਣਾ ਵਿੱਚ ਆਸ ਮੁਤਾਬਕ ਨਤੀਜੇ ਨਹੀਂ ਮਿਲੇ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਆਗਾਮੀ ਝਾਰਖੰਡ ਚੋਣਾਂ ਦੇ ਨਤੀਜਿਆਂ ਮਗਰੋਂ ਦੇਸ਼ ਵਿੱਚ ਬਦਲਾਅ ਆਏਗਾ।













