ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਮੀਰੀ-ਪੀਰੀ ਖਾਲਸਾ ਮਾਰਚ’ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਹੈ।
ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਤਹਿਤ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮਾਰਚ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਗੁਰਮਤਿ ਸਮਾਗਮ ਉਪਰੰਤ ਅਰਦਾਸ ਨਾਲ ਹੋਈ। ਇਸ ਮੌਕੇ ਸਿੰਘ ਸਾਹਿਬਾਨ, ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ, ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।
ਇਸ ਮਾਰਚ ਵਿੱਚ ਸੰਗਤ ਦੀ ਵੱਡੀ ਗਿਣਤੀ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੂਹਾਨੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਯੋਜਿਤ ਇਸ ਮਾਰਚ ਦਾ ਮਕਸਦ ਗੁਰਮਤਿ ਦਾ ਪ੍ਰਚਾਰ ਕਰਨਾ ਅਤੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਤੇ ਮਰਿਆਦਾ ਦੇ ਨਾਲ-ਨਾਲ ‘ਮੀਰੀ-ਪੀਰੀ’ ਦੇ ਸੰਦੇਸ਼ ਨਾਲ ਜੋੜਨਾ ਹੈ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਇਸ ਯਾਤਰਾ ਰਾਹੀਂ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ, ਰਵਾਇਤਾਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।














