ਅੰਮ੍ਰਿਤਸਰ, 26 ਜੁਲਾਈ
ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਰਹੇ 40 ਸਿੱਖਾਂ ਨੂੰ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ਾ ਮਿਲਣ ਤੋਂ ਬਾਅਦ ਬਾਕੀ ਰਹਿ ਗਏ 325 ਨਜ਼ਰਬੰਦ ਸਿੱਖਾਂ ਨੂੰ ਇਹ ਮੁਆਵਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਨੇ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਬਾਕੀ ਰਹਿ ਗਏ ਨਜ਼ਰਬੰਦ ਸਿੱਖਾਂ ਦੇ ਵੇਰਵੇ ਮੰਗੇ ਹਨ ਤਾਂ ਜੋ ਅਗਲੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ।
ਜਾਣਕਾਰੀ ਅਨੁਸਾਰ 325 ਸਿੱਖਾਂ ਨੂੰ ਮੁਆਵਜ਼ਾ ਦਿਵਾਉਣ ਲਈ ਆਵਾਜ਼ ਬੁਲੰਦ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਨੇ ਅੱਜ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਪੀੜਤ ਸਿੱਖਾਂ ਦੇ ਪਰਿਵਾਰਾਂ ਨੂੰ ਆਖਿਆ ਕਿ ਉਹ ਪੰਜ ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜ ਕੇ ਲੋੜੀਂਦੇ ਵੇਰਵੇ ਦੇਣ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਇਕ ਸਬ-ਕਮੇਟੀ ਵੀ ਬਣਾਈ ਗਈ ਹੈ, ਜੋ ਇਸ ਮਾਮਲੇ ਵਿੱਚ ਪੀੜਤ ਸਿੱਖਾਂ ਦੇ ਮੁੜ ਵਸੇਬੇ ਅਤੇ ਕਾਨੂੰਨੀ ਚਾਰਾਜੋਈ ਲਈ ਆਪਣੀ ਰਿਪੋਰਟ ਦੇਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਇਨ੍ਹਾਂ ਸਿੱਖਾਂ ਵਾਸਤੇ ਇਕ ਵਿਸ਼ੇਸ਼ ਵਿੰਗ ਵੀ ਬਣਾਇਆ ਗਿਆ ਹੈ। ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਜੋ ਪੀੜਤ ਸਿੱਖਾਂ ਵਿੱਚ ਸ਼ਾਮਲ ਹਨ, ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਸੂਚੀ ਮੁੱਖ ਮੰਤਰੀ ਦੇ ਦਫ਼ਤਰ ਨੂੰ ਵੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਲਗਪਗ 100 ਪੀੜਤ ਸਿੱਖਾਂ ਦੀ ਮੌਤ ਹੋ ਚੁੱਕੀ ਹੈ ਤੇ ਕਈਆਂ ਦੇ ਪਰਿਵਾਰ ਵੀ ਘਰ-ਬਾਰ ਛੱਡ ਕੇ ਵਿਦੇਸ਼ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਾਕੀ ਰਹਿ ਗਏ ਪੀੜਤ ਸਿੱਖਾਂ ਨੂੰ ਮੁਆਵਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਯਤਨ ਕਰ ਰਹੀ ਹੈ। ਦੱਸਣਯੋਗ ਹੈ ਕਿ ਜੂਨ 1984 ਵਿੱਚ ਸਾਕਾ ਨੀਲਾ ਤਾਰਾ ਸਮੇਂ ਭਾਰਤੀ ਫ਼ੌਜ ਨੇ ਹਰਿਮੰਦਰ ਸਾਹਿਬ ਵਿੱਚੋਂ 365 ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਬਾਅਦ ਵਿੱਚ ਬਿਨਾ ਕੇਸ ਚਲਾਏ 5 ਸਾਲ 1989 ਤੱਕ ਜੋਧਪੁਰ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। 1990 ਵਿੱਚ ਇਨ੍ਹਾਂ ਨੂੰ ਰਿਹਾਅ ਕੀਤਾ ਗਿਆ ਸੀ ਤੇ ਮਗਰੋਂ ਇਨ੍ਹਾਂ ਵਿੱਚੋਂ 200 ਸਿੱਖਾਂ ਨੇ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ।