ਅੰਮ੍ਰਿਤਸਰ, ਮੁਤਵਾਜ਼ੀ ਜਥੇਦਾਰਾਂ ਨੇ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਦੇ ਮਾਮਲੇ ਵਿੱਚ ਪ੍ਰਬੰਧਕੀ ਕਮੇਟੀ ਦੇ ਆਗੂ ਮਾਸਟਰ ਜੌਹਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਤਨਖਾਹ ਲਾਈ ਹੈ।
ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਸੂਬਾ ਸਿੰਘ ਅਤੇ ਭਾਈ ਮੇਜਰ ਸਿੰਘ ਨੇ ਗੁਰਦੁਆਰੇ ਵਿੱਚ ਮਰਿਆਦਾ ਦੇ ਉਲਟ ਵਾਪਰੀ ਘਟਨਾ ਲਈ ਮਾਸਟਰ ਜੌਹਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੁਤਵਾਜ਼ੀ ਜਥੇਦਾਰਾਂ ਨੇ ਉਸ ਨੂੰ ਗੁਰਦੁਆਰਾ ਛੋਟਾ ਘੱਲੂਘਾਰਾ ਟਰਸੱਟ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਸੇਵਾਮੁਕਤ ਕਰਨ ਦਾ ਆਦੇਸ਼ ਦਿੱਤਾ ਹੈ। ਉਸ ਨੂੰ ਸੱਤ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਇੱਕ ਘੰਟਾ ਕੀਰਤਨ ਸੁਣਨ, ਇੱਕ ਘੰਟਾ ਸੰਗਤ ਦੇ ਜੋੜੇ ਝਾੜਨ ਅਤੇ ਇੱਕ ਘੰਟਾ ਲੰਗਰ ਘਰ ਵਿੱਚ ਭਾਂਡੇ ਮਾਂਜਣ ਦੀ ਸੇਵਾ ਲਾਈ ਗਈ ਹੈ। ਸੱਤ ਦਿਨ ਦੀ ਸੇਵਾ ਮਗਰੋਂ ਗੁਰਦੁਆਰਾ ਛੋਟਾ ਘੱਲੂਘਾਰਾ ਵਿਖੇ ਅਖੰਡ ਪਾਠ ਕਰਾਉਣ ਅਤੇ 5100 ਰੁਪਏ ਗੁਰੂ ਦੀ ਗੋਲਕ ਵਿੱਚ ਖਿਮਾ ਯਾਚਨਾ ਦੀ ਅਰਦਾਸ ਕਰਾਉਣ ਦੇ ਆਦੇਸ਼ ਦਿੱਤੇ ਹਨ। ਮਾਸਟਰ ਜੌਹਰ ਸਿੰਘ ਨੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਲਾਈ ਗਈ ਤਨਖਾਹ ਨੂੰ ਕਬੂਲ ਕਰਦਿਆਂ ਆਖਿਆ ਕਿ ਉਹ ਭਲਕੇ 13 ਅਕਤੂਬਰ ਤੋਂ ਹੀ ਇਸ ਸੇਵਾ ਨੂੰ ਸ਼ੁਰੂ ਕਰ ਦੇਵੇਗਾ। ਉਸ ਨੇ ਅਸਿੱਧੇ ਢੰਗ ਨਾਲ ਆਖਿਆ ਕਿ ਉਹ ਭਲਕੇ ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਹਾਜ਼ਰ ਨਹੀਂ ਹੋਵੇਗਾ ਕਿਉਂਕਿ ਅੱਜ ਉਸ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਬਦਸਲੂਕੀ ਕੀਤੀ ਹੈ।
ਮੁਤਵਾਜ਼ੀ ਜਥੇਦਾਰਾਂ ਵੱਲੋਂ ਬੀਬੀ ਜਗੀਰ ਕੌਰ ਤਲਬ
ਮੁਤਵਾਜ਼ੀ ਜਥੇਦਾਰਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੂੰ ਸੱਤ ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਹੈ। ਭਾਈ ਧਿਆਨ ਸਿੰਘ ਮੰਡ ਨੇ ਆਖਿਆ ਕਿ ਉਸ ਉਪਰ ਆਪਣੀ ਧੀ ਅਤੇ ਉਸ ਦੇ ਗਰਭ ਵਿੱਚ ਪਲ ਰਹੇ ਬੱਚੇ ਨੂੰ ਮਾਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਉਸ ਨੂੰ ਅਦਾਲਤ ਵੱਲੋਂ ਸਜ਼ਾ ਵੀ ਸੁਣਾਈ ਗਈ ਹੈ ਪਰ ਇਸ ਦੇ ਬਾਵਜੂਦ ਉਹ ਧਾਰਮਿਕ ਅਹੁਦਿਆਂ ’ਤੇ ਬਣੀ ਹੋਈ ਹੈ, ਜਿਸ ਕਾਰਨ ਸੰਗਤਾਂ ਵਿੱਚ ਰੋਸ ਹੈ। ਸੰਗਤ ਵੱਲੋਂ ਇਸ ਸਬੰਧੀ ਸ਼ਿਕਾਇਤਾਂ ਭੇਜੀਆਂ ਗਈਆਂ ਹਨ। ਬੀਬੀ ਜਗੀਰ ਕੌਰ ਨੂੰ ਸੱਤ ਨਵੰਬਰ ਨੂੰ ਇਸੇ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਗਿਆ ਹੈ।