ਚੰਡੀਗੜ੍ਹ, 14 ਫਰਵਰੀ 2019
ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਦੇ ਸਤਲੁਜ, ਬਿਆਸ ਸਮੇਤ ਸਾਰੇ ਦਰਿਆਵਾਂ ਦੇ ਪ੍ਰਦੂਸ਼ਿਤ ਹੋ ਰਹੇ ਪਾਣੀਆਂ ਦਾ ਮੁੱਦਾ ਚੁੱਕਿਆ। ਜ਼ੀਰੋ ਆਵਰ ਦੌਰਾਨ ਬੋਲਦਿਆਂ ਸੰਧਵਾਂ ਨੇ ਕਿਹਾ ਕਿ ਸਤਲੁਜ ਅਤੇ ਬਿਆਸ ਦਾ ਪਾਣੀ ਪੰਜਾਬ ਅਤੇ ਰਾਜਸਥਾਨ ਦੇ ਪਿੰਡਾਂ ਵਿਚ ਪੀਣ ਅਤੇ ਸਿੰਚਾਈ ਲਈ ਵਰਤਿਆ ਜਾਂਦਾ ਹੈ ਪਰੰਤੂ ਪਿਛਲੇ ਸਮਿਆਂ ਵਿਚ ਇਹ ਪ੍ਰਦੂਸ਼ਿਤ ਹੋਣ ਕਾਰਨ ਪੰਜਾਬ ਦੇ ਮਾਲਵਾ ਖੇਤਰ ਵਿਚ ਕੈਂਸਰ ਸਮੇਤ ਅਨੇਕਾਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ।
ਸੰਧਵਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੇ ਅਨੇਕਾਂ ਵਾਰ ਅਪੀਲ ਕਰਨ ਤੇ ਵੀ ਸਰਕਾਰ ਨੇ ਇਸ ਸੰਬੰਧੀ ਕੋਈ ਕਾਰਜ ਨਹੀਂ ਆਰੰਭਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖ਼ਾਸਕਰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਇਸ ਸੰਬੰਧੀ ਸੰਜੀਦਾ ਨਹੀਂ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਧਿਕਾਰੀਆਂ ਤੋਂ ਸਤਲੁਜ ਅਤੇ ਬਿਆਸ ਦੇ ਪਾਣੀ ਬਾਰੇ ਜਾਣਕਾਰੀ ਮੰਗਣ ‘ਤੇ ਗ਼ਲਤ ਜਾਣਕਾਰੀ ਦਿੱਤੀ ਗਈ ਕਿ ਇਨ੍ਹਾਂ ਦਰਿਆਵਾਂ ਦਾ ਪਾਣੀ ਪੀਣ ਲਈ ਉਚਿੱਤ ਹੈ। ਜੋ ਕਿ ਸਰਾਸਰ ਗ਼ਲਤ ਹੈ। ਸੰਧਵਾਂ ਨੇ ਮੰਗ ਕੀਤੀ ਕਿ ਸਤਲੁਜ ਦਰਿਆ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਫ਼ੈਕਟਰੀਆਂ ਦੇ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਅਨੇਕਾਂ ਫ਼ੈਕਟਰੀਆਂ ਦਾ ਗੰਦਾ ਪਾਣੀ ਸਤਲੁਜ ਵਿਚ ਪੈ ਰਿਹਾ ਹੈ। ਜਿਸ ‘ਤੇ ਕਾਰਵਾਈ ਕਰਨਾ ਅਤਿਅੰਤ ਜ਼ਰੂਰੀ ਹੈ।
ਇਸ ਸੰਬੰਧੀ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਚੁੱਕਿਆ ਗਿਆ ਮੁੱਦਾ ਅਤਿ ਗੰਭੀਰ ਹੈ ਅਤੇ ਸਰਕਾਰ ਇਸ ਸੰਬੰਧੀ ਜ਼ਰੂਰੀ ਕਦਮ ਚੁੱਕਣ ਲਈ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਮਿਆਂ ਦੌਰਾਨ ਪੰਜਾਬ ਵਿਚ ਅਨੇਕਾਂ ਵਾਟਰ ਟਰੀਟਮੈਂਟ ਪਲਾਂਟ ਲਗਾਏ ਹਨ ਅਤੇ ਭਵਿੱਖ ਵਿਚ ਹੋਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਸੰਬੰਧਿਤ ਸੈਕਟਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਆਦੇਸ਼ ਦੇਣਗੇ।