ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ਼ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ‘ਚੋਂ ਨਸ਼ਿਆਂ ਦੇ ਨੈੱਟਵਰਕ ਅਤੇ ਗੈਂਗਸਟਰਵਾਦ ਦਾ ਜੜ੍ਹੋਂ ਸਫ਼ਾਇਆ ਕਰਨ ਲਈ ਕੀਤੇ ਜਾ ਰਹੇ ਯਤਨਾਂ ‘ਤੇ ਸਮੀਖਿਆ ਕੀਤੀ। ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸੀਐਮ ਮਾਨ ਨੇ ਕਿਹਾ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਤੇ ਪੰਜਾਬੀਆਂ ਨੂੰ ਹਰ ਪੱਖੋਂ ਸੁਖਾਵਾਂ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਸਰਕਾਰ ਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਦੋਂ ਤੋਂ ਪੁਲਿਸ ਨੇ 30,144 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 40,302 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਨਤਕ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਹਰ ਮਾਮਲੇ ਵਿੱਚ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ‘ਤੇ ਕੰਮ ਕਰਨ ਦਾ ਸੁਝਾਅ ਵੀ ਦਿੱਤਾ। ਮੀਟਿੰਗ ਵਿੱਚ ਅਪਰਾਧ ਕੰਟਰੋਲ, ਸਾਈਬਰ ਅਪਰਾਧ, ਨਸ਼ੀਲੇ ਪਦਾਰਥਾਂ ਦੀ ਰੋਕਥਾਮ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।