ਚੰਡੀਗੜ੍ਹ, 17 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਲਵਾਨ ਵਾਦੀ ਵਿੱਚ ਸ਼ਹੀਦ ਹੋਏ ਚਾਰ ਪੰਜਾਬੀ ਸੈਨਿਕਾਂ ਦੇ ਪਰਿਵਾਰਾਂ ਨਾਲ ਅਫਸੋਸ ਜ਼ਾਹਰ ਕਰਦਿਆਂ ਅੱਜ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਕ ਦੀ ਰਾਖੀ ਖ਼ਾਤਰ ਕੀਤੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡਾਂ ਵਿੱਚ ਕੀਤਾ ਜਾਵੇਗਾ ਅਤੇ ਇਸ ਮੌਕੇ ਕੈਬਨਿਟ ਮੰਤਰੀ ਸੂਬਾ ਸਰਕਾਰ ਦੀ ਨੁਮਾਇੰਦਗੀ ਕਰਨਗੇ। ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਵੀ ਸ਼ਹੀਦ ਸੈਨਿਕਾਂ ਦੀਆਂ ਦੇਹਾਂ ਪੂਰਨ ਸਤਿਕਾਰ ਨਾਲ ਪ੍ਰਾਪਤ ਕਰਨ ਲਈ ਸਾਰੇ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਾਰਾਂ ਸ਼ਹੀਦਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਨਾਇਬ ਸੂਬੇਦਾਰ ਮਨਦੀਪ ਸਿੰਘ ਅਤੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਵਿਆਹੇ ਹੋਣ ਕਰਕੇ ਸਰਕਾਰ ਦੀ ਨੀਤੀ ਮੁਤਾਬਕ 12-12 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਦੋ ਅਣਵਿਆਹੇ ਸ਼ਹੀਦਾਂ ਗੁਰਜੇਤ ਸਿੰਘ ਅਤੇ ਗੁਰਬਿੰਦਰ ਸਿੰਘ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ (ਐਕਸਗ੍ਰੇਸ਼ੀਆ ਵਜੋਂ 5 ਲੱਖ ਰੁਪਏ ਅਤੇ ਜ਼ਮੀਨ ਦੇ ਇਵਜ਼ ਵਿੱਚ 5 ਲੱਖ ਰੁਪਏ) ਦਿੱਤਾ ਜਾਵੇਗਾ।