ਚੰਡੀਗੜ੍ਹ, 28 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਪੁੱਤਰ ਨੂੰ ਨੌਕਰੀਆਂ ਦੇਣ ਦੇ ਸਬੰਧੀ ਝੂਠੇ ਦਾਅਵੇ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਇਹ ਦੋਵੇਂ ਉਮੀਦਵਾਰ ਕਾਬਲ ਹਨ, ਜਿਨ੍ਹਾਂ ਦੀ ਚੋਣ ਮੈਰਿਟ ਦੇ ਆਧਾਰ ’ਤੇ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਧੂ ਦੀ ਪਤਨੀ ਨੂੰ ਵੇਅਰਹਾਊਸਿੰਗ ਬੋਰਡ ਦੀ ਚੇਅਰਪਰਸਨ ਅਤੇ ਉਨ੍ਹਾਂ ਦੇ ਪੁੱਤਰ ਨੂੰ ਐਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕਰਨ ਵਾਲੇ ਆਪਣੇ ਫੈਸਲੇ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨ ਜਾਂ ਰੱਦ ਕਰਨ ਦਾ ਫੈਸਲਾ ਸਿੱਧੂ ਪਰਿਵਾਰ ਦਾ ਹੈ ਅਤੇ ਅਕਾਲੀ ਦਲ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਵੱਲੋਂ ਸਮੁੱਚੇ ਮਾਮਲੇ ਨੂੰ ਸਿਆਸੀ ਰੰਗ ਚਾੜ੍ਹਨ ਦੀ ਚਾਲ ਚੱਲਣ ਨਾਲ ਇਕ ਵਾਰ ਫਿਰ ਸਿੱਧ ਹੋ ਗਿਆ ਕਿ ਉਨ੍ਹਾਂ ਦੀ ਪਾਰਟੀ ਸੰਜੀਦਾ ਮੁੱਦਿਆਂ ਤੋਂ ਵਾਂਝੀ ਹੈ ਅਤੇ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਹੋਣ ਵਾਲੀ ਸਪੱਸ਼ਟ ਹਾਰ ਤੋਂ ਮੂੰਹ ਲੁਕਾਉਣ ਲਈ ਮੁੱਦਾਹੀਣ ਸਿਆਸਤ ਦਾ ਸਹਾਰਾ ਲੈ ਰਹੀ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਵੱਲੋਂ ਸਿੱਧੂ ਪਰਿਵਾਰ ਨੂੰ ਨੌਕਰੀਆਂ ਦੇਣ ਬਾਰੇ ਸਰਕਾਰ ਦੀ ਯੋਜਨਾ ਪਾਰਟੀ ਵੱਲੋਂ ਸਿਰੇ ਨਾ ਚੜ੍ਹਨ ਦੇਣ ਬਾਰੇ ਕੀਤੇ ਦਾਅਵੇ ’ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟੇਗੀ। ‘ਘਰ ਘਰ ਰੁਜ਼ਗਾਰ’ ਸਕੀਮ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਸਾਲ ਤੋਂ ਲੈ ਕੇ ਹੁਣ ਤੱਕ ਸੂਬੇ ਵਿੱਚ 1.71 ਲੱਖ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਪੈਦਾ ਕੀਤੇ ਹਨ।