ਚੰਡੀਗੜ੍ਹ — ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੂਰਾ ਸਮਰਥਨ ਹਾਸਲ ਹੈ। ਖਹਿਰਾ ਨੂੰ ਹਾਲ ਹੀ ‘ਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ‘ਚ ਸੁਪਰੀਮ ਅਦਾਲਤ ਤੋਂ ਰਾਹਤ ਮਿਲ ਗਈ ਸੀ।
‘ਆਪ’ ਆਗੂ ਨੇ ਇਨ੍ਹਾਂ ਖਬਰਾਂ ਨੂੰ ਖਾਰਿਜ ਕੀਤਾ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਨੇ ਉਨ੍ਹਾਂ ਨਾਲ ਗੱਲ ਤਕ ਨਹੀਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਲਗਾਤਾਰ ਸੰਪਰਕ ‘ਚ ਸਨ। ਭੁੱਲਥ ਤੋਂ ਵਿਧਾਇਕ ਖਹਿਰਾ ਨੇ ਕਿਹਾ ਕਿ ਉਚ ਅਦਾਲਤ ਵਲੋਂ 2015 ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ‘ਚ ਉਨ੍ਹਾਂ ਨੂੰ ਰਾਹਤ ਦਿੱਤੇ ਜਾਣ ਦੇ ਬਾਅਦ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਕੇਜਰੀਵਾਲ ਨਾਲ ਗੱਲ ਕੀਤੀ।
ਖਹਿਰਾ ਨੇ ਕਿਹਾ, ” ਉਨ੍ਹਾਂ ਨੇ ਮੈਨੂੰ ਵਧਾਈ ਦਿੱਤੀ।” ਵਿਧਾਇਕ ਨੇ ਇਹ ਵੀ ਕਿਹਾ ਕਿ ਉਹ ਇਕ ਹਫਤੇ ਦੇ ਅੰਦਰ ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲਣਗੇ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ‘ਚ ਚਲ ਰਹੀ ਕਾਰਵਾਈ ‘ਤੇ ਰੋਕ ਲਗਾ ਕੇ ਸ਼ੁੱਕਰਵਾਰ ਨੂੰ ਖਹਿਰਾ ਨੂੰ ਰਾਹਤ ਦਿੱਤੀ ਸੀ।