ਬਠਿੰਡਾ, 22 ਅਗਸਤ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੌੜ ਬੰਬ ਧਮਾਕੇ ਦੇ ਮਾਮਲੇ ਸਬੰਧੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਖਿਚਾਈ ਕੀਤੀ ਹੈ ਜਦੋਂਕਿ ਵਿਸ਼ੇਸ਼ ਜਾਂਚ ਟੀਮ ਨੇ ਤਫ਼ਤੀਸ਼ ਜਨਤਕ ਨਾ ਕਰਨ ਪਿੱਛੇ ਮਜਬੂਰੀ ਦੱਸੀ। ਅੱਜ ਸਿੱਟ ਦੇ ਚੇਅਰਮੈਨ ਡੀਆਈਜੀ ਰਣਬੀਰ ਸਿੰਘ ਖੱਟੜਾ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ ਅਤੇ ਜਾਂਚ ਦੀ ਪ੍ਰਗਤੀ ਤੋਂ ਜਾਣੂ ਕਰਾਇਆ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਿੱਟ ਨੂੰ ਚਾਰ ਹਫ਼ਤਿਆਂ ਵਿੱਚ ਵਿਸਥਾਰਤ ਸਟੇਟਸ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ ਅਤੇ ਜਾਂਚ ਰਿਪੋਰਟ ਬੰਦ ਲਿਫ਼ਾਫ਼ੇ ਵਿੱਚ ਦੇਣ ਲਈ ਆਖਿਆ ਹੈ। ਅਦਾਲਤੀ ਰੁਖ਼ ਤੋਂ ਜਾਪਦਾ ਹੈ ਕਿ ਮੌੜ ਧਮਾਕੇ ਦੀ ਜਾਂਚ ਹੁਣ ਸੀਬੀਆਈ ਨੂੰ ਦਿੱਤੇ ਜਾਣ ਦੇ ਆਸਾਰ ਘੱਟ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ਚੋਣਾਂ ਦੇ ਪ੍ਰਚਾਰ ਦੌਰਾਨ 31 ਜਨਵਰੀ 2017 ਨੂੰ ਮੌੜ ਮੰਡੀ ਵਿੱਚ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੂੰ ਨਿਸ਼ਾਨਾ ਬਣਾ ਕੇ ਮਾਰੂਤੀ ਕਾਰ ਵਿੱਚ ਬੰਬ ਧਮਾਕਾ ਕੀਤਾ ਗਿਆ ਸੀ, ਜਿਸ ਵਿੱਚ 7 ਜਣਿਆਂ ਦੀ ਮੌਤ ਹੋ ਗਈ ਸੀ ਅਤੇ 12 ਜਣੇ ਜ਼ਖ਼ਮੀ ਹੋ ਗਏ ਸਨ। ਮਾਮਲੇ ਦੀ ਜਾਂਚ ਹੁਣ ‘ਸਿੱਟ’ ਕਰ ਰਹੀ ਹੈ। ਪੰਜਾਬ ਪੁਲੀਸ ਦੇ ਮੁਖੀ ਨੇ ਹੁਣ ਵਿਸ਼ੇਸ਼ ਜਾਂਚ ਟੀਮ ਵਿੱਚ ਬਠਿੰਡਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੂੰ ਵੀ ਮੈਂਬਰ ਵਜੋਂ ਸ਼ਾਮਲ ਕਰ ਲਿਆ ਹੈ। ਵੇਰਵਿਆਂ ਅਨੁਸਾਰ ਹਾਈ ਕੋਰਟ ਨੇ ਇਸ ਗੱਲੋਂ ਨਾਰਾਜ਼ਗੀ ਜ਼ਾਹਿਰ ਕੀਤੀ ਕਿ ਘਟਨਾ ਤੋਂ ਡੇਢ ਵਰ੍ਹੇ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ।
ਮੁਲਜ਼ਮਾਂ ਨੂੰ ਨਾਮਜ਼ਦ ਕਰਨ ਦੇ ਛੇ ਮਹੀਨੇ ਮਗਰੋਂ ਵੀ ਪੁਲੀਸ ਦੇ ਹੱਥ ਖ਼ਾਲੀ ਹਨ। ਪਾਤੜਾਂ ਦੇ ਗੁਰਜੀਤ ਸਿੰਘ ਵਗ਼ੈਰਾ ਵੱਲੋਂ ਮੌੜ ਧਮਾਕੇ ਦੀ ਜਾਂਚ ਸੀਬੀਆਈ ਨੂੰ ਦਿੱਤੇ ਜਾਣ ਸਬੰਧੀ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਦੀ ਅੱਜ ਸੁਣਵਾਈ ਸੀ। ਹਾਈ ਕੋਰਟ ਦੇ ਐਡਵੋਕੇਟ ਰਵਨੀਤ ਜੋਸ਼ੀ ਨੇ ਦੱਸਿਆ ਕਿ ਅੱਜ ਅਦਾਲਤ ਨੇ ‘ਸਿੱਟ’ ਨੂੰ ਕਾਫ਼ੀ ਫਿਟਕਾਰ ਲਾਈ ਹੈ ਅਤੇ ਜਾਂਚ ਦੀ ਪ੍ਰਗਤੀ ’ਤੇ ਨਾਖ਼ੁਸ਼ ਜ਼ਾਹਿਰ ਕੀਤੀ ਹੈ। ਸ੍ਰੀ ਜੋਸ਼ੀ ਨੇ ਦੱਸਿਆ ਕਿ ਸਿੱਟ ਚੇਅਰਮੈਨ ਨੇ ਅਦਾਲਤ ਵਿੱਚ ਪੱਖ ਰੱਖਿਆ ਕਿ ਮੁਲਜ਼ਮਾਂ ਦੀ ਭਾਲ ਵਿੱਚ ਛਾਪੇ ਮਾਰੇ ਜਾ ਰਹੇ ਹਨ ਅਤੇ ਤਫ਼ਤੀਸ਼ ਨੂੰ ਜਨਤਕ ਕੀਤੇ ਜਾਣ ਦਾ ਮੁਲਜ਼ਮਾਂ ਨੂੰ ਫ਼ਾਇਦਾ ਮਿਲ ਸਕਦਾ ਹੈ, ਜਿਸ ਮਗਰੋਂ ਅਦਾਲਤ ਨੇ ਜਾਂਚ ਰਿਪੋਰਟ ਬੰਦ ਲਿਫ਼ਾਫ਼ੇ ਵਿੱਚ ਦੇਣ ਲਈ ਆਖਿਆ ਹੈ। ਗੁਰਜੀਤ ਸਿੰਘ ਦਾ ਕਹਿਣਾ ਸੀ ਕਿ ਅਗਲੀ ਪੇਸ਼ੀ 25 ਸਤੰਬਰ ਨੂੰ ਹੋਵੇਗੀ ਹੈ ਅਤੇ ‘ਸਿੱਟ’ ਚੇਅਰਮੈਨ ਅਗਲੀ ਪੇਸ਼ੀ ’ਤੇ ਵੀ ਨਿੱਜੀ ਤੌਰ ’ਤੇ ਪੇਸ਼ ਹੋਣਗੇ। ਸੂਤਰ ਦੱਸਦੇ ਹਨ ਕਿ ਹਾਈ ਕੋਰਟ ਦੀ ਝਿੜਕ ਮਗਰੋਂ ਹੁਣ ‘ਸਿੱਟ’ ਨੇ ਮੌੜ ਕਾਂਡ ਦੀ ਜਾਂਚ ਨੂੰ ਨੇਪਰੇ ਚਾੜ੍ਹਨ ਲਈ ਨਿਸ਼ਾਨੇ ਵਿੰਨ੍ਹ ਲਏ ਹਨ। ਹੁਣ ਇਹ ਜਾਂਚ ਕਿਸੇ ਤਣ ਪੱਤਣ ਲੱਗਣ ਦੀ ਸੰਭਾਵਨਾ ਬਣ ਗਈ ਹੈ।