ਚੰਡੀਗੜ੍ਹ,  ਯੂਨਾਈਟਿਡ ਅਕਾਲੀ ਦਲ ਨੇ ਸਾਲ 1973 ਵਿੱਚ ਪਾਸ ਕੀਤੇ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਲਾਗੂ ਕਰਵਾਉਣ ਲਈ ਧਰਮ ਯੁੱਧ ਮੋਰਚੇ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 4 ਫਰਵਰੀ 2018 ਨੂੰ  ਅੰਮ੍ਰਿਤਸਰ ਵਿੱਚ ‘ਧਰਮ ਯੁੱਧ ਕਾਨਫਰੰਸ’ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਨੰਦਪੁਰ ਸਾਹਿਬ ਦੇ ਮਤੇ ਨੂੰ ਭੁਲਾ ਕੇ ਸਿੱਖ ਕੌਮ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 4 ਅਗਸਤ 1982 ਨੂੰ ਸ਼ੁਰੂ ਹੋਏ ਧਰਮ ਯੁੱਧ ਮੋਰਚੇ ਤਹਿਤ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੇ ਪਹਿਲੇ ਜਥੇ ਦੀ ਅਗਵਾਈ ਕਰ ਕੇ ਗ੍ਰਿਫ਼ਤਾਰੀ ਦਿੱਤੀ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਕਥਿਤ ਤੌਰ ’ਤੇ ਕੁਰਸੀਆਂ ਖਾਤਰ ਸਿੱਖ ਕੌਮ ਦੇ ਸੰਘਰਸ਼ ਨੂੰ ਪਿੱਠ ਦਿਖਾ ਕੇ ਆਨੰਦਪੁਰ ਸਾਹਿਬ ਦੇ ਮਤੇ ਨੂੰ ਵੀ ਭੁਲਾ ਦਿੱਤਾ। ਸ੍ਰੀ ਆਨੰਦਪੁਰ ਸਾਹਿਬ ਦਾ ਮਤਾ ਸਮੁੱਚੀ ਕੌਮ ਦੇ ਸੰਘਰਸ਼ ਦਾ ਆਧਾਰ ਹੈ। ਇਸ ਤੋਂ ਬਾਅਦ 26 ਜਨਵਰੀ 1986 ਨੂੰ ਹੋਏ ਸਰਬੱਤ ਖ਼ਾਲਸਾ ਨੇ ਵੀ ਇਸ ਮਤੇ ਲਈ ਸੰਘਰਸ਼ ਕਰਨ ਦਾ ਅਹਿਦ ਲਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੀਆਂ ਜਥੇਬੰਦੀਆਂ ਖ਼ਾਲਿਸਤਾਨ ਦੀ ਮੰਗ ਕਰਦੀਆਂ ਹਨ, ਉਨ੍ਹਾਂ ਸਬੰਧੀ ਯੂਨਾਈਟਿਡ ਅਕਾਲੀ ਦਲ ਨੂੰ ਕੋਈ ਇਤਰਾਜ਼ ਨਹੀਂ ਹੈ ਪਰ ਉਨ੍ਹਾਂ ਦੀ ਪਾਰਟੀ ਦਾ ਏਜੰਡਾ ਕੇਵਲ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਲਾਗੂ ਕਰਵਾਉਣਾ ਹੈ। ਇਸ ਸੰਘਰਸ਼ ਵਿੱਚ ਪੰਜਾਬ ਦੇ ਹਿੱਤਾਂ ਵਿੱਚ ਭਰੋਸਾ ਰੱਖਣ ਵਾਲੇ ਹਰ ਧਰਮ ਅਤੇ ਜਾਤ ਦੇ ਵਿਅਕਤੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਹ ਭਾਰਤੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਸੰਘਰਸ਼ ਕਰਨਗੇ ਅਤੇ ਉਨ੍ਹਾਂ ਦੀ ਮੰਗ ਵੀ ਭਾਰਤੀ ਹੱਦਾਂ ਤੱਕ ਹੀ ਸੀਮਤ ਰਹੇਗੀ। ਆਗੂਆਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵਾਰ-ਵਾਰ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਦੇ ਇੱਕ-ਇੱਕ ਅੱਖਰ ਨੂੰ ਲਾਗੂ ਕਰਵਾਉਣ ਦੀ ਗੱਲ ਕਰਦੇ ਰਹੇ ਸਨ। ਭਾਈ ਗੁਰਦੀਪ ਸਿੰਘ ਨੇ ਕਿਹਾ ਕਿ 4 ਫਰਵਰੀ 2018 ਨੂੰ ਅੰਮ੍ਰਿਤਸਰ ਵਿੱਚ ਕਰਵਾਈ ਜਾ ਰਹੀ ‘ਧਰਮ ਯੁੱਧ ਕਾਨਫ਼ਰੰਸ’ ਸਿੱਖ ਕੌਮ ਨੂੰ ਸੰਘਰਸ਼ ਦਾ ਠੋਸ ਮੰਚ ਮੁਹੱਈਆ ਕਰੇਗੀ। ਇਸ ਧਰਮ ਯੁੱਧ ਮੋਰਚੇ ਦੌਰਾਨ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਰਾਜਸੀ ਸਿੱਖ ਬੰਦੀਆਂ ਦੀ ਰਿਹਾਈ ਮੰਗੀ ਜਾਵੇਗੀ।
ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਪੰਜਾਬ ਦੇ ਪਾਣੀਆਂ ਦੀ ਲੁੱਟ ਬੰਦ ਕਰਨ ਦੀਆਂ ਮੰਗਾਂ ਵੀ ਉਠਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੀਤੇ ਵਾਅਦੇ ਪੂਰੇ ਕਰਨ ਵਿੱਚ ਫੇਲ੍ਹ ਰਹੇ ਹਨ।