ਫ਼ਤਹਿਗੜ੍ਹ ਸਾਹਿਬ, 24 ਅਪ੍ਰੈਲ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੀ.ਐਚ.ਸੀ. ਚਨਾਰਥਲ ਕਲਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ. ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਹੜੇ ਪਿੰਡ ਰਾਜਪੁਰਾ ਦੇ ਨਜ਼ਦੀਕ ਪੈਂਦੇ ਹਨ ਅਤੇ ਪੀ.ਐਚ.ਸੀ. ਚਨਾਰਥਲ ਕਲਾਂ ਦੇ ਅਧੀਨ ਆਉਂਦੇ ਹਨ, ਉਨ੍ਹਾਂ ਵਿੱਚ ਵਿਸ਼ੇਸ਼ ਟੀਮਾਂ ਬਣਾ ਕੇ ਸਰਵੇ ਤੇ ਸਕਰੀਨਿੰਗ ਕੀਤੀ ਜਾ ਰਹੀ ਹੈ।
ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜਿਹੜੇ ਵਿਅਕਤੀ ਪਿਛਲੇ ਦੋ ਹਫਤਿਆਂ ਵਿੱਚ ਰਾਜਪੁਰਾ ਵਿਖੇ ਕਿਸੇ ਵੀ ਕੰਮ ਜਾ ਮੰਡੀ ਵਿੱਚ ਗਏ ਸਨ, ਉਨ੍ਹਾਂ ਦੀ ਸਕਰੀਨਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ। ਇਸੇ ਤਹਿਤ ਅੱਜ ਪਿੰਡ ਛਲੇੜੀ, ਮੀਆਂਪੁਰ ਅਤੇ ਪੋਲਾ ਵਿੱਚ ਫੀਲਡ ਵਰਕਰਾਂ ਵੱਲੋਂ ਲੋਕਾਂ ਦੀ ਸਕਰੀਨਿੰਗ ਕੀਤੀ ਗਈ ਅਤੇ ਟੈਸਟ ਸੈਂਪਲਿੰਗ ਕੀਤੀ ਜਾ ਰਹੀ ਹੈ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਰਾਜਪੁਰਾ ਦੇ ਨਜ਼ਦੀਕ ਪੈਂਦੇ ਸਾਰੇ ਪਿੰਡਾਂ ਵਿੱਚ ਸਰਵੇ ਤੇ ਸਕਰੀਨਿੰਗ ਕੀਤੀ ਜਾਵੇਗੀ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।