ਚੰਡੀਗੜ•, 18 ਮਈ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਣਾਇਆ ਗਿਆ ਹੈ ਜਦਕਿ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਹੋਣਗੇ। ਇਸੇ ਤਰ•ਾਂ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ ਅਤੇ ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਬਣਾਇਆਂ ਗਿਆ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ ‘ਤੇ) ਹਾਊਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ, ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ, ਤਰਸੇਮ ਸਿੰਘ ਡੀ.ਸੀ. ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੇਜ਼ ‘ਤੇ ਰੱਖੇ ਗਏ /ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ, ਸੁਰਿੰਦਰ ਕੁਮਾਰ ਡਾਵਰ ਨੂੰ ਲਾਇਬ੍ਰੇਰੀ ਕਮੇਟੀ, ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।