ਲੁਧਿਆਣਾ, 19 ਜਨਵਰੀ
ਸਨਅਤੀ ਸ਼ਹਿਰ ਦੀ ਨਗਰ ਨਿਗਮ ਚੋਣ ਲਈ ਇੱਥੇ ਸਰਕਟ ਹਾਊਸ ਵਿੱਚ ਮੀਟਿੰਗ ਕਰਨ ਪੁੱਜੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਦੀ ਮਨਜ਼ੂਰੀ ਤੋਂ ਬਾਅਦ ਹੁਣ ਰਾਣਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ੍ਰੀ ਬੈਂਸ ਨੇ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਇਹ ਮਾਮਲਾ ਆਮਦਨ ਕਰਨ ਵਿਭਾਗ ਦੇ ਨਾਲ ਨਾਲ ਈਡੀ ਨੂੰ ਸੌਂਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਣਾ ਦਾ ਅਸਤੀਫ਼ਾ ਮਨਜ਼ੂਰ ਹੋਣਾ ਵਿਰੋਧੀ ਧਿਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਆਗੂਆਂ ਨੇ ਕਿਹਾ ਕਿ ਜੇ ਕਾਂਗਰਸ ਸਰਕਾਰ ਸੱਚੀ ਹੈ ਤਾਂ ਮਾਮਲੇ ਦੀ ਜਾਂਚ ਵਿਜੀਲੈਂਸ ਦੇ ਨਾਲ ਨਾਲ ਆਮਦਨ ਕਰ ਵਿਭਾਗ ਤੇ ਈਡੀ ਕੋਲੋਂ ਵੀ ਕਰਵਾਏ ਜਾਵੇ।