ਚੰਡੀਗੜ੍ਹ, ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਦੇ ਕਿਸਾਨ ਅੰਦੋਲਨ ਬਾਰੇ ਕੀਤੀ ਟਿੱਪਣੀ ਉੱਤੇ ਸਖ਼ਤ ਪ੍ਰਤੀਕਿਰਿਆ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਲੋਕਾਂ ਖਾਸ ਕਰ ਕਿਸਾਨੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੀ ਕੇਂਦਰ ਸਰਕਾਰ ਨੂੰ ਚਿੰਤਾ ਨਾ ਹੋਣ ਦਾ ਪ੍ਰਗਟਾਵਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਨਹੀਂ ਸਗੋਂ ਕੇਂਦਰੀ ਮੰਤਰੀ ਦਾ ਬਿਆਨ ਅਜੀਬ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਦਾ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਕਰ ਕੇ ਉਸ ਦਾ ਇਸ ਵਿਭਾਗ ’ਤੇ ਬਣੇ ਰਹਿਣ ਦੀ ਕੋਈ ਵੀ ਤੁੱਕ ਨਹੀਂ ਹੈ। ਕੇਂਦਰੀ ਮੰਤਰੀ ਦੇ ਬਿਆਨ ਨੂੰ ਸ਼ਰਮਨਾਕ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨਿਰਾਸ਼ ਹੋ ਕੇ ਆਤਮਹੱਤਿਆਵਾਂ ਵਰਗੇ ਕਦਮ ਚੁੱਕ ਰਹੇ ਹਨ ਅਤੇ ਦੇਸ਼ ਦਾ ਆਵਾਮ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਸਮਾਨੀ ਚੜ੍ਹਨ ਕਾਰਨ ਕੁਰਲਾਅ ਰਿਹਾ ਹੈ ਪਰ ਰਾਧਾ ਮੋਹਨ ਸਿੰਘ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਰੱਤੀ ਭਰ ਵੀ ਸੰਵੇਦਨਸ਼ੀਲ ਨਹੀਂ ਹੈ।
ਮੁੱਖ ਮੰਤਰੀ ਨੇ ਸਮੱਸਿਆਵਾਂ ਵਿੱਚ ਘਿਰੇ ਹੋਏ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਉਦਾਸੀਨ ਰਹਿਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਕਿਸਾਨ ਆਤਮ ਹੱਤਿਆ ਕਰ ਰਹੇ ਹਨ ਪਰ ਕੇਂਦਰ ਸਰਕਾਰ ਦੇ ਕੰਨਾਂ ’ਤੇ ਜੂੰਅ ਵੀ ਨਹੀਂ ਸਰਕਦੀ।