ਲੁਧਿਆਣਾ, ਪੰਜਾਬ ਸਰਕਾਰ ਵੱਲੋਂ ਲੁਧਿਆਣਾ ਨੂੰ 3568 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੇਣ ’ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੈਪਟਨ ਸਰਕਾਰ ਦਾ ਧੰਨਵਾਦ ਕੀਤਾ ਹੈ। ਅੱਜ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਦੋ ਅਹਿਮ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੁੱਜੇ ਸਨ।
ਸ੍ਰੀ ਬਿੱਟੂ ਨੇ ਕਿਹਾ ਹੈ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਆਪਣੇ ਰਾਜ ਭਾਗ ਦੌਰਾਨ ਪੰਜਾਬ ਦੇ ਇਸ ਸਨਅਤੀ ਅਤੇ ਆਬਾਦੀ ਪੱਖੋਂ ਵਿਸ਼ਾਲ ਸ਼ਹਿਰ ਨੂੰ ਅੱਖੋਂ ਪਰੋਖੇ ਰੱਖਿਆ ਸੀ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਇਸ ਸ਼ਹਿਰ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਗਲੇ 5 ਸਾਲਾਂ ਦੌਰਾਨ 3568 ਕਰੋੜ ਰੁਪਏ ਦੇ ਕਾਰਜ ਕਰਵਾਏ ਜਾਣੇ ਹਨ, ਜਿਸ ਨਾਲ ਸ਼ਹਿਰ ਦਾ ਮੁਹਾਂਦਰਾ ਬਦਲ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਥੋੜ੍ਹਾ ਜਿਹਾ ਸਮਾਂ ਹੋਰ ਦੇਣ ਤਾਂ ਜੋ ਉਨ੍ਹਾਂ ਦੀਆਂ ਆਸਾਂ ਉਮੀਦਾਂ ਨੂੰ ਪੂਰਾ ਕਰਨ ਲਈ ਵਸੀਲੇ ਇਕੱਠੇ ਕੀਤੇ ਜਾ ਸਕਣ।