ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਗਰ ’ਤੇ ਜੀਐੱਸਟੀ ਵਿਰੁੱਧ ਸ਼੍ਰੋਮਣੀ ਕਮੇਟੀ ਨੂੰ ਵਿਸ਼ੇਸ਼ ਸਹਾਇਤਾ ਮੁਹੱਈਆ ਕਰਵਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਤੇ ਇਸ ਨੂੰ ‘ਦੇਰ ਆਏ ਦਰੁਸਤ ਆਏ’ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਫ਼ੈਸਲਾ ਲੰਗਰ ’ਤੇ ਜੀਐੱਸਟੀ ਖਤਮ ਕਰਨ ਦੇ ਬਰਾਬਰ ਨਹੀਂ ਹੈ, ਪਰ ਇਸ ਨਾਲ ਸ਼੍ਰੋਮਣੀ ਕਮੇਟੀ ਨੂੰ ਜੀਐੱਸਟੀ ਦੇ ਬੋਝ ਤੋਂ ਰਾਹਤ ਮਿਲੇਗੀ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਕੇਂਦਰੀ ਮੰਤਰੀ ਵਿਜੈ ਸਾਂਪਲਾ, ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ ਤੇ ਵਿਨੀਤ ਜੋਸ਼ੀ ਨੇ ਵੀ ਕੇਂਦਰੀ ਫ਼ੈਸਲੇ ਦਾ ਸਵਾਗਤ ਕੀਤਾ ਹੈ।