ਅੰਮ੍ਰਿਤਸਰ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਦੀ ਮਦਦ ਲਈ ਸਮੁਚੀ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਵਿਦੇਸ਼ ਵਸਦੇ ਸਿੱਖਾਂ ਨੂੰ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਵਾਸਤੇ ਆਖਿਆ ਹੈ। ਉਹ ਅੱਜ ਇਥੇ ਅਫਗਾਨਿਸਤਾਨ ਵਿਖੇ ਅਤਿਵਾਦੀ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ‘ਚ ਸ਼੍ਰੋਮਣੀ ਕਮੇਟੀ ਵੱਲੋਂ ਰਖਵਾਏ ਗਏ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਏ ਹਨ।
ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਫਗਾਨਿਸਤਾਨ ਵਿਚ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤਿਵਾਦੀ ਹਮਲੇ ਨੂੰ ਮਨੁੱਖਤਾ ਲਈ ਮੰਦਭਾਗਾ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਸਾਰ ਲੈਣਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਅਤੇ ਉਹ ਇਸ ਤੋਂ ਪਿੱਛੇ ਨਹੀਂ ਹਟੇਗੀ। ਮਾਰੇ ਗਏ ਸਿੱਖਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਵਿਦਿਆ ਦਾ ਪ੍ਰਬੰਧ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਲਈ ਐਲਾਨ ਕੀਤੀ ਗਈ ਸਹਾਇਤਾ ਰਾਸ਼ੀ ਜਲਦੀ ਹੀ ਪੀੜਤਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ‘ਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਅਫਗਾਨਿਸਤਾਨ ‘ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਇਸ ਦੌਰਾਨ ਅਫਗਾਨਿਸਤਾਨ ਤੋਂ ਦਿੱਲੀ ਆ ਕੇ ਵਸੇ ਭਾਈ ਹੀਰਾ ਸਿੰਘ, ਆਪਣੇ ਸਾਥੀਆਂ ਸਮੇਤ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੀੜਤਾਂ ਦੀ ਮੱਦਦ ਲਈ ਜੋ ਫ਼ਰਜ਼ ਨਿਭਾਇਆ ਹੈ, ਉਹ ਅਫਗਾਨਿਸਤਾਨ ਦੇ ਸਿੱਖਾਂ ਲਈ ਸਦਮੇ ਵਿੱਚ ਬਾਹਰ ਨਿਕਲਣ ਲਈ ਢਾਰਸ ਬਣੇਗਾ।