ਅੰਮ੍ਰਿਤਸਰ, 6 ਨਵੰਬਰ
ਬੀਤੇ ਦਿਨੀਂ ਕਤਲ ਕੀਤੇ ਹਿੰਦੂ ਆਗੂ ਵਿਪਨ ਸ਼ਰਮਾ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਪੰਜ ਲੱਖ ਰੁਪਏ ਦੀ ਮਾਇਕ ਮਦਦ ਅਤੇ ਉਸ ਦੇ ਬੇਟੇ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਉਹ ਅੱਜ ਵਿਪਨ ਸ਼ਰਮਾ ਦੇ ਪਰਿਵਾਰ ਨਾਲ ਹਮਦਰਦੀ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਪੁੱਜੇ ਸਨ।
ਇਸ ਮੌਕੇ ਮੀਡੀਆ ਨਾਲ ਸੰਖੇਪ ਗੱਲਬਾਤ ਸਮੇਂ ਸ੍ਰੀ ਸਿੱਧੂ ਨੇ ਆਖਿਆ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਕੁਝ ਤਾਕਤਾਂ ਫਿਰਕਿਆਂ ਵਿੱਚ ਪਾੜ ਪਾ ਕੇ ਇਸ ਸਾਂਝ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ ਪਰ ਸਰਕਾਰ ਇਨ੍ਹਾਂ ਤਾਕਤਾਂ ਦਾ ਮੰਤਵ ਕਦੇ ਪੂਰਾ ਨਹੀਂ ਹੋਣ ਦੇਵੇਗੀ। ਉਨ੍ਹਾਂ ਆਖਿਆ ਕਿ ਪੰਜਾਬੀ ਕਦੇ ਵੀ ਜਾਤ-ਪਾਤ ਅਤੇ ਧਰਮ ਦੇ ਵਿਤਕਰੇ ਨੂੰ ਮਾਨਤਾ ਨਹੀਂ ਦਿੰਦੇ। ਇਸ ਲਈ ਪਹਿਲਾਂ ਵੀ ਪੰਜਾਬ ਦੇ ਕਾਲੇ ਦਿਨਾਂ ਦੌਰਾਨ ਆਪਸੀ ਸਾਂਝ ਮਜ਼ਬੂਤ ਰਹੀ ਹੈ। ਸਮੂਹ ਸਿਆਸੀ ਪਾਰਟੀਆਂ ਨੂੰ ਵੀ ਇਸ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ।
ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਨੇ ਵੀ ਪੁਲੀਸ ਵਿਭਾਗ ਨੂੰ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਸੂਬੇ ਵਿੱਚ ਅਮਨ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ। ਸ੍ਰੀ ਸਿੱਧੂ ਨੇ ਆਖਿਆ ਕਿ ਇਸ ਮਾਮਲੇ ਵਿੱਚ ਹਰੇਕ ਅਧਿਕਾਰੀ ਨੂੰ ਜਵਾਬਦੇਹ ਬਣਾਇਆ ਜਾਵੇਗਾ। ਕੋਈ ਵੀ ਅਧਿਕਾਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਆਉਂਦੇ ਕੁਝ ਦਿਨਾਂ ਵਿੱਚ ਇਸ ਸਬੰਧੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਜੇਲ੍ਹਾਂ ਵਿੱਚ ਡੱਕੇ ਅਪਰਾਧੀਆਂ ਵੱਲੋਂ ਜੇਲ੍ਹ ਵਿੱਚ ਹੀ ਸਾਰੀਆਂ ਸਹੂਲਤਾਂ ਦਾ ਆਨੰਦ ਮਾਣਨ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਜੇਲ੍ਹਾਂ ਵਿੱਚ ਵੱਡੇ ਸੁਧਾਰ ਅਤੇ ਸਖ਼ਤੀ ਦੀ ਲੋੜ ਹੈ। ਅਮਲੇ ਦੀ ਘਾਟ ਵੀ ਆਪਣੇ ਆਪ ਵਿੱਚ ਵੱਡੀ ਸਮੱਸਿਆ ਹੈ ਪਰ ਸਰਕਾਰ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸ ਚੁਣੌਤੀ ਨੂੰ ਵੀ ਹੱਲ ਕੀਤਾ ਜਾਵੇਗਾ।
ਨਵਜੋਤ ਸਿੱਧੂ ਲਗਪਗ 25 ਮਿੰਟ ਪੀੜਤ ਪਰਿਵਾਰ ਦੇ ਘਰ ਰਹੇ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਔਖੇ ਸਮੇਂ ਵਿੱਚ ਸਰਕਾਰ ਉਨ੍ਹਾਂ ਦੇ ਨਾਲ ਹੈ। ਪੁਲੀਸ ਨੇ ਹਮਲਾਵਰਾਂ ਦੀ ਸ਼ਨਾਖਤ ਕਰ ਲਈ ਹੈ ਅਤੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਨਿਆਂ ਦਾ ਵੀ ਭਰੋਸਾ ਦਿੱਤਾ।