ਚੰਡੀਗੜ੍ਹ, 26 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ’ਤੇ ਕਰਜ਼ਾ ਮੁਆਫ਼ੀ ਨੋਟੀਫਿਕੇਸ਼ਨ ਬਾਰੇ ਝੂਠ ਬੋਲਣ ਦੇ ਦੋਸ਼ ਲਾਏ ਹਨ। ਇੱਕ ਬਿਆਨ ਰਾਹੀਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਮੰਤਰੀ ਕਰਜ਼ਾ ਮੁਆਫ਼ੀ ਸਕੀਮ ਲਾਗੂ ਹੋਣ ਦਾ ਦਾਅਵਾ ਕਰ ਕੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ ਕਿਉਂਕਿ ਸਰਕਾਰ ਨੇ ਅਜੇ ਤੱਕ ਅਜਿਹਾ ਕੁਝ ਵੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਤ ਘੱਟ ਕਿਸਾਨਾਂ ਨੂੰ ਮਾਮੂਲੀ ਜਿਹੀ ਰਾਹਤ ਦੇਣ ਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਵੀ ਸਰਕਾਰ ਹਾਲੇ ਛੋਟ ਮੰਗਣ ਦੇ ਰਾਹ ਪਈ ਹੋਈ ਹੈ। ਅਕਾਲੀ ਆਗੂ ਨੇ ਕਿਹਾ ਕਿ ਵਿੱਤ ਮੰਤਰੀ ਨੇ ਇਸ ਗੱਲ ਦਾ ਓਹਲਾ ਰੱਖਿਆ ਹੈ ਕਿ ਰਾਜ ਪੱਧਰੀ ਬੈਂਕਰਜ਼ ਕਮੇਟੀ ਸਰਕਾਰ ਦੀ ਫ਼ਸਲੀ ਕਰਜ਼ਾ ਸਕੀਮ ਲਾਗੂ ਕਰਨ ਤੋਂ ਇਨਕਾਰ ਕਰ ਚੁੱਕੀ ਹੈ।