ਨਵੀਂ ਦਿੱਲੀ, 27 ਜਨਵਰੀ

ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਪੱਤਰਕਾਰਤਾ ਸਬੰਧੀ ਵੀਜ਼ਾ ਲੈਣ ਲਈ ਦਾਇਰ ਕੀਤੀ ਅਰਜ਼ੀ ਵਿੱਚ ਗਲਤ ਤੱਥ ਪੇਸ਼ ਕਰਨ ਅਤੇ ਕੁਝ ਨੇਮਾਂ ਦੀ ਉਲੰਘਣਾ ਕੀਤੇ ਜਾਣ ਕਰ ਕੇ ਓਸੀਆਈ ਕਾਰਡ ਧਾਰਕ ਹੋਣ ਦੇ ਬਾਵਜੂਦ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਕਾਲੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਜਸਟਿਸ ਪ੍ਰਤਿਭਾ ਐੱਮ ਸਿੰਘ ਨੇ ਕੇਂਦਰ ਦੇ ਵਕੀਲ ਨੂੰ ਨਿਰਦੇਸ਼ ਪ੍ਰਾਪਤ ਕਰਨ ਲਈ ਸਮਾਂ ਦਿੱਤਾ ਅਤੇ ਇਹ ਪੁਸ਼ਟੀ ਕਰਨ ਲਈ ਕਿਹਾ ਕਿ ਦਸਤਾਵੇਜ਼ੀ ਦੇ ਨਿਰਮਾਤਾ ਅੰਗਦ ਸਿੰਘ ਦਾ ਭਾਰਤ ਦਾ ਪਰਵਾਸੀ ਨਾਗਰਿਕ (ਓਸੀਆਈ) ਕਾਰਡ ਰੱਦ ਕਰਨ ਲਈ ਕੋਈ ਕਾਰਵਾਈ ਸ਼ੁਰੂ ਕੀਤੀ ਗਈ ਹੈ ਜਾਂ ਨਹੀਂ। ਅਦਾਲਤ ਨੇ ਕੇਂਦਰ ਦੇ ਵਕੀਲ ਨੂੰ ਇਹ ਦੱਸਣ ਲਈ ਵੀ ਕਿਹਾ ਕਿ ਕੀ ਪਟੀਸ਼ਨਰ ਨੂੰ ਕੋਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਹਾਈ ਕੋਰਟ ਅੰਗਦ ਸਿੰਘ ਨੂੰ ਭਾਰਤ ਵਿੱਚ ਦਾਖਲੇ ਦੀ ਇਜਾਜ਼ਤ ਨਾ ਦਿੱਤੇ ਜਾਣ ਖ਼ਿਲਾਫ਼ ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਅੰਗਦ ਨੂੰ ਪਿਛਲੇ ਸਾਲ ਅਗਸਤ ਵਿੱਚ ਦਿੱਲੀ ਤੋਂ ਨਿਊਯਾਰਕ ਵਾਪਸ ਭੇਜ ਦਿੱਤਾ ਗਿਆ ਸੀ।