ਅੰਮ੍ਰਿਤਸਰ, ਸ਼ਿਲਾਂਗ ਵਿੱਚ ਹਾਲਾਤ ਪੂਰੀ ਤਰ੍ਹਾਂ ਸੁਖਾਵੇ ਨਹੀਂ ਹੋਏ ਹਨ। ਇਹ ਦਾਅਵਾ ਸ਼੍ਰੋਮਣੀ ਕਮੇਟੀ ਦੇ ਸ਼ਿਲਾਂਗ ਗਏ ਵਫ਼ਦ ਵੱਲੋਂ ਕੀਤਾ ਗਿਆ ਹੈ ਜਿਨ੍ਹਾਂ ਅੱਜ ਉਥੇ ਜ਼ਿਲ੍ਹਾ ਮੈਜਿਸਟਰੇਟ ਅਤੇ ਸਥਾਨਕ ਸਿੱਖਾਂ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰੇਗਾ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਦੀ ਅਗਵਾਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਨੇ ਦੱਸਿਆ ਕਿ ਸ਼ਿਲਾਂਗ ’ਚ ਅੱਜ ਦੁਪਹਿਰ ਬਾਅਦ ਹਾਲਾਤ ਅਚਾਨਕ ਵਿਗੜ ਗਏ। ਕੁਝ ਸ਼ਰਾਰਤੀ ਲੋਕਾਂ ਵੱਲੋਂ ਪੁਲੀਸ ਬਲ ’ਤੇ ਪਥਰਾਅ ਕੀਤਾ ਗਿਆ ਸੀ। ਵਫ਼ਦ ਨੇ ਸ਼ਿਲਾਂਗ ਦੇ ਜ਼ਿਲ੍ਹਾ ਮੈਜਿਸਟਰੇਟ ਪੀ ਐਸ ਦੁਖਾਰ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਹਰਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਸਿੱਖ ਆਗੂਆਂ ਨੇ ਜ਼ਿਲਾ ਅਧਿਕਾਰੀ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਦੌਰਾਨ ਸਿੱਖ ਆਗੂਆਂ ਨੇ ਸ਼ਿਲਾਂਗ ਦੇ ਤਿੰਨ ਗੁਰਦੁਆਰਿਆਂ ਦੇ ਪ੍ਰਬੰਧਕਾਂ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਵਿੱਚ ਗਵਰਨਰ ਹਾਊਸ ਨੇੜੇ ਸਥਾਪਤ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਸਿੰਘ ਸਭਾ ਬੜਾ ਬਾਜ਼ਾਰ ਪੰਜਾਬੀ ਲਾਈਨ ਅਤੇ ਗੁਰਦੁਆਰਾ ਸਿੰਘ ਸਭਾ ਗੋਰਾ ਲਾਈਨ ਸ਼ਾਮਲ ਹਨ। ਪ੍ਰਬੰਧਕਾਂ ਤੇ ਹੋਰ ਸਿੱਖਾਂ ਨੇ ਵਫ਼ਦ ਨੂੰ ਦੱਸਿਆ ਕਿ ਭੜਕੀ ਭੀੜ ਨੇ ਕਿਵੇਂ ਨੁਕਸਾਨ ਪਹੁੰਚਾਉਣ ਦਾ ਯਤਨ ਕੀਤਾ ਸੀ। ਵਫ਼ਦ ਨੇ ਸ਼ਿਲਾਂਗ ਯੂਨੀਵਰਸਿਟੀ ਦੀ ਉਪ ਕੁਲਪਤੀ ਡਾ. ਮਨਜੀਤ ਕੌਰ ਨਾਲ ਮੁਲਾਕਾਤ ਕਰਕੇ ਉਥੇ ਸਿੱਖ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਚਰਚਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਰਾਸ਼ਟਰੀ ਸਿੱਖ ਸੰਗਤ ਵੱਲੋਂ ਮੇਘਾਲਿਆ ਦੇ ਗਵਰਨਰ ਨੂੰ ਮੰਗ ਪੱਤਰ: ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਵਾਪਰੀਆਂ ਘਟਨਾਵਾਂ ਨੂੰ ਮੰਦਭਾਗਾ ਦੱਸਦਿਆਂ ਰਾਸ਼ਟਰੀ ਸਿੱਖ ਸੰਗਤ ਨੇ ਮੇਘਾਲਿਆ ਦੇ ਗਵਰਨਰ ਗੰਗਾ ਪ੍ਰਸਾਦ ਨੂੰ ਮੰਗ ਪੱਤਰ ਸੌਂਪ ਕੇ ਉਥੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਇਸੇ ਮਾਮਲੇ ਨੂੰ ਲੈ ਕੇ ਅੱਜ ਸੰਗਤ ਭਵਨ ਵਿੱਚ ਜਥੇਬੰਦੀ ਦੇ ਕੌਮੀ ਪ੍ਰਧਾਨ ਗੁਰਬਚਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੰਗਾਮੀ ਮੀਟਿੰਗ ਸੱਦੀ ਗਈ ਸੀ ਜਿਸ ਵਿੱਚ ਮੀਤ ਪ੍ਰਧਾਨ ਦਵਿੰਦਰ ਸਿੰਘ ਗੁਜਰਾਲ, ਮਲਕੀਤ ਸਿੰਘ ਪਦਮ, ਅਵਿਨਾਸ਼ ਜੈਸਵਾਲ, ਡਾ. ਅਵਤਾਰ ਸਿੰਘ ਸ਼ਾਸਤਰੀ, ਦਵਿੰਦਰ ਸਿੰਘ ਸਾਹਨੀ, ਹਰਜੀਤ ਕੌਰ ਜੌਲੀ ਅਤੇ ਭਾਜਪਾ ਆਗੂ ਆਰਪੀ ਸਿੰਘ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਨੇ ਸਿੱਖਾਂ ਦੀ ਸੁਰੱਖਿਆ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਆਰਐਸਐਸ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਕਰਫਿਊ ਵਿੱਚ ਢਿੱਲ ਸਮੇਂ ਸਿੱਖ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਅਤੇ ਹਰਸੰਭਵ ਸਹਿਯੋਗ ਦੇਣ ਲਈ ਵੀ ਆਖਿਆ ਹੈ। ਉਨ੍ਹਾਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਲਈ ਆਖਿਆ ਹੈ।

ਸ਼ਿਲਾਂਗ ’ਚ ਸਿੱਖਾਂ ਨੂੰ ਉਜਾੜਨ ਦੀ ਯੋਜਨਾ: ਗਿਆਨੀ ਕੇਵਲ ਸਿੰਘ

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਦੋਸ਼ ਲਾਇਆ ਕਿ ਸ਼ਿਲਾਂਗ ਵਿੱਚ ਪੰਜਾਬੀ ਕਾਲੋਨੀ ਦੇ ਵਾਸੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਉਥੋਂ ਉਜਾੜਨ ਦੀ ਯੋਜਨਾ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਨੂੰ ਬ੍ਰਿਟਿਸ਼ ਰਾਜ ਵੇਲੇ ਉਥੇ ਵਸਾਇਆ ਗਿਆ ਸੀ ਜਿਨ੍ਹਾਂ ਸ਼ਿਲਾਂਗ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਧਰਮ, ਰੰਗ, ਨਸਲ ਭੇਦ ਵਰਤਾਰਾ ਖ਼ਤਮ ਹੋਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨੂੰ ਵਾਰ ਵਾਰ ਬੇਗਾਨਗੀ ਦਾ ਅਹਿਸਾਸ ਨਾ ਕਰਾਇਆ ਜਾਵੇ ਅਤੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।