ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਥਾ ਵਿੱਚ ਸਥਾਪਤ ਕੀਤਾ ਮੁੱਖ ਸਕੱਤਰ ਦਾ ਨਵਾਂ ਅਹੁਦਾ ਖ਼ਤਮ ਕਰ ਦਿੱਤਾ ਹੈ ਅਤੇ ਮੁੱਖ ਸਕੱਤਰ ਦੀਆਂ ਜ਼ਿੰਮੇਵਾਰੀਆਂ ਤੇ ਤਾਕਤਾਂ ਸਕੱਤਰ ਡਾ. ਰੂਪ ਸਿੰਘ ਨੂੰ ਸੌਂਪ ਦਿੱਤੀਆਂ ਹਨ।
ਸੰਸਥਾ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਦੇ ਕੰਮ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਉਨ੍ਹਾਂ ਨੂੰ ਮੁੱਖ ਸਕੱਤਰ ਵਾਲੇ ਦਫਤਰ ਵਿੱਚ ਬਿਠਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਤੇ ਮੈਂਬਰਾਂ ਨੇ ਡਾ. ਰੂਪ ਸਿੰਘ ਨੂੰ ਮੁਬਾਰਕਬਾਦ ਵੀ ਦਿੱਤੀ। ਪ੍ਰੋ. ਬਡੂੰਗਰ ਵੱਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਵਿਦਵਤਾ ਤੇ ਕੰਮਕਾਰ ਦੇ ਤਜਰਬੇ ਨੂੰ ਮੁੱਖ ਰੱਖਦਿਆਂ ਸੌਂਪੀ ਗਈ ਹੈ।
ਡਾ. ਰੂਪ ਸਿੰਘ 1989 ਈਸਵੀ ਵਿਚ ਬਤੌਰ ਸੰਪਾਦਕ ਸ਼੍ਰੋਮਣੀ ਕਮੇਟੀ ਵਿੱਚ ਭਰਤੀ ਹੋਏ ਸਨ। ਉਨ੍ਹਾਂ ਲੰਮਾ ਸਮਾਂ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਵਜੋਂ ਕੰਮ ਕੀਤਾ। ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਅਤੇ ਪ੍ਰਧਾਨ ਦੇ ਨਿੱਜੀ ਸਕੱਤਰ ਦੇ ਅਹੁਦੇ ‘ਤੇ ਵੀ ਰਹੇ। ਲਗਭਗ 28 ਸਾਲ ਦੀ ਸੇਵਾ ਦੌਰਾਨ ਉਨ੍ਹਾਂ ਸ਼੍ਰੋਮਣੀ ਕਮੇਟੀ ਵਿਚ ਵੱਖ-ਵੱਖ ਜ਼ਿੰਮੇਵਾਰ ਅਹੁਦਿਆਂ ‘ਤੇ ਸੇਵਾ ਕੀਤੀ ਹੈ। ਉਨ੍ਹਾਂ ਦੀਆਂ 17 ਪੁਸਤਕਾਂ ਵੀ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਸਕੱਤਰ ਹਰਚਰਨ ਸਿੰਘ ਦੀ ਨਿਯੁਕਤੀ ਤੋਂ ਪਹਿਲਾਂ ਵੀ ਡਾ. ਰੂਪ ਸਿੰਘ ਹੀ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਕੰਮਕਾਜ ਸੰਭਾਲ ਰਹੇ ਸਨ। ਉਹ 30 ਦਸੰਬਰ 2012 ਨੂੰ ਸਕੱਤਰ ਬਣੇ ਸਨ। ਮੁੱਖ ਸਕੱਤਰ ਦੀ ਨਿਯੁਕਤੀ ਮਗਰੋਂ ਉਨ੍ਹਾਂ ਦੀਆਂ ਕੁਝ ਤਾਕਤਾਂ ਵਾਪਸ ਲੈ ਲਈਆਂ ਗਈਆਂ ਸਨ, ਜਿਨ੍ਹਾਂ ਨੂੰ ਹੁਣ ਬਹਾਲ ਕੀਤਾ ਗਿਆ ਹੈ।
ਇਸ ਮੌਕੇ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ 28 ਜੁਲਾਈ ਨੂੰ ਅਸਤੀਫ਼ਾ ਦੇ ਦਿੱਤਾ ਸੀ ਅਤੇ 31 ਜੁਲਾਈ ਨੂੰ ਉਨ੍ਹਾਂ ਨੇ ਸੰਸਥਾ ਨੂੰ ਅਲਵਿਦਾ ਆਖਿਆ ਸੀ। ਉਨ੍ਹਾਂ ਦੀ ਨਿਯੁਕਤੀ ਅਗਸਤ 2015 ਵਿੱਚ ਕੀਤੀ ਗਈ ਸੀ। ਮੁੱਖ ਸਕੱਤਰ ਦਾ ਇਹ ਅਹੁਦਾ 2003 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ ਹੁਣ 2015 ਵਿੱਚ ਇਸ ਅਹੁਦੇ ‘ਤੇ ਮੁੜ ਨਿਯੁਕਤੀ ਕੀਤੀ ਗਈ ਸੀ। ਮੁੱਖ ਸਕੱਤਰ ਦੀ ਤਨਖਾਹ ਤਿੰਨ ਲੱਖ ਰੁਪਏ ਪ੍ਰਤੀ ਮਹੀਨਾ ਨਿਰਧਾਰਤ ਕੀਤੀ ਸੀ, ਜਿਸ ‘ਤੇ ਸਿੱਖ ਸੰਸਥਾਵਾਂ ਨੇ ਇਤਰਾਜ਼ ਪ੍ਰਗਟਾਇਆ ਸੀ। ਇਸ ਅਹੁਦੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਹੁਣ ਵੀ ਉਚ ਅਦਾਲਤ ਵਿੱਚ ਵਿਚਾਰ ਅਧੀਨ ਹੈ।