ਅੰਤਮ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਕਰੇਗੀ

ਖੇਡ ਮੰਤਰੀ ਨੇ ਵਿਸ਼ੇਸ਼ ਖਿਡਾਰੀਆਂ ਦੀ ਭਲਾਈ ਲਈ ਵਚਨਬੱਧਤਾ ਪ੍ਰਗਟਾਈ

ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ•, 5 ਨਵੰਬਰ

”ਪੰਜਾਬ ਨੂੰ ਖੇਡ ਅਖਾੜੇ ਵਿੱਚ ਮੁੜ ਨੰਬਰ ਇਕ ਸੂਬਾ ਬਣਾਉਣ ਦੇ ਨਾਲ ਨਾਲ ਖਿਡਾਰੀਆਂ ਲਈ ਮੁਆਫ਼ਕ ਮਾਹੌਲ ਸਿਰਜਣ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੀ ਤਰਜੀਹ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨਾ ਅਤੇ ਇਸ ਦਾ ਨਵੀਨੀਕਰਨ ਕਰਨਾ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਲ ਖੇਡ ਨੀਤੀ ਲਾਗੂ ਕੀਤੀ ਗਈ ਹੈ। ਖਿਡਾਰੀਆਂ ਨੂੰ ਲਾਭ ਪਹੁੰਚਾਉਣ ਲਈ ‘ਮਹਾਰਾਜਾ ਰਣਜੀਤ ਸਿੰਘ ਐਵਾਰਡਜ਼’ ਸ਼ੁਰੂ ਕੀਤੇ ਗਏ ਹਨ।”

ਇਹ ਖੁਲਾਸਾ ਅੱਜ ਇੱਥੇ ਪੰਜਾਬ ਭਵਨ ਵਿੱਚ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ‘ਮਹਾਰਾਜਾ ਰਣਜੀਤ ਸਿੰਘ ਐਵਾਰਡ ਸਕਰੀਨਿੰਗ ਕਮੇਟੀ’ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਇਹ ਐਵਾਰਡ ਦੇਣ ਸਬੰਧੀ ਸਾਲ 2011-2016 ਦਾ ਬੈਕਲਾਗ ਜਲਦੀ ਪੂਰਾ ਕਰ ਦਿੱਤਾ ਜਾਵੇਗਾ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਸਣੇ 60 ਤੋਂ ਵੱਧ ਖਿਡਾਰੀਆਂ ਦੇ ਨਾਂ ਦੀ ਸਿਫ਼ਾਰਸ਼ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਕੀਤੀ ਗਈ ਹੈ। ਇਹ ਨਾਮ ਛੇਤੀ ਹੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਉੱਚ ਕਮੇਟੀ ਨੂੰ ਭੇਜੇ ਜਾਣਗੇ, ਜੋ ਇਸ ਸਬੰਧੀ ਅੰਤਮ ਫੈਸਲਾ ਲਵੇਗੀ।

ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਜਿਨ•ਾਂ ਖਿਡਾਰੀਆਂ ਨੂੰ 2011, 2012, 2013, 2014 ਤੇ 2015 ਵਿੱਚ ਪਦਮ ਸ੍ਰੀ, ਅਰਜੁਨਾ ਐਵਾਰਡ ਅਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਮਿਲਿਆ ਹੈ, ਉਹ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਲਈ ਸਿੱਧੇ ਤੌਰ ‘ਤੇ ਯੋਗ ਹੋਣਗੇ। ਉਨ•ਾਂ ਅੱਗੇ ਕਿਹਾ ਕਿ ਇਨ•ਾਂ ਖਿਡਾਰੀਆਂ ਨੂੰ ਸੂਬਾ ਪੱਧਰੀ ਸਮਾਰੋਹ ਵਿੱਚ ਜਲਦੀ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ ਵੱਖ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਪੰਜਾਬ ਦੇ 800 ਤਗਮਾ ਜੇਤੂਆਂ ਨੂੰ ਵੀ ਮੁਹਾਲੀ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ 15 ਨਵੰਬਰ ਨੂੰ ਨਕਦ ਇਨਾਮਾਂ ਨਾਲ ਸਨਮਾਨਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ‘ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ’ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸ. ਸੋਢੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ•ਾਂ ਖਿਡਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ•ਾਂ ਲਈ ਕੋਈ ਨੀਤੀ ਬਣਾਉਣ ਸਮੇਂ ਇਨ•ਾਂ ਖਿਡਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ•ਾਂ ‘ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਪੰਜਾਬ’ ਨੂੰ ‘ਪੰਜਾਬ ਸਟੇਟ ਸਪੋਰਟਸ ਕੌਂਸਲ’ ਤੋਂ ਮਾਨਤਾ ਦਿਵਾਉਣ ਦੀ ਮੰਗ ਉਤੇ ਵੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਖੇਡਾਂ ਤੇ ਯੁਵਕ ਮਾਮਲੇ, ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਸੰਜੈ ਕੁਮਾਰ, ਡਾਇਰੈਕਟਰ, ਖੇਡਾਂ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਸਹਾਇਕ ਡਾਇਰੈਕਟਰ, ਖੇਡਾਂ, ਪੰਜਾਬ ਕਰਤਾਰ ਸਿੰਘ ਸੈਂਹਬੀ ਵੀ ਹਾਜ਼ਰ ਸਨ।