ਸੰਗਰੂਰ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਲਿਆ ਗਿਆ ਫ਼ੈਸਲਾ ਸ਼ਰਮਨਾਕ ਹੈ।
ਸ੍ਰੀ ਮਾਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਦੇ ਸਰਕਾਰੀ ਸਕੂਲਾਂ ਵਾਂਗ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਰ ਜਾਵੇ ਤਾਂ ਮਾਪੇ ਆਪਣੇ ਬੱਚਿਆਂ ਦੇ ਦਾਖਲੇ ਕਤਾਰਾਂ ਵਿੱਚ ਖੜ੍ਹ ਕੇ ਕਰਵਾਉਣਗੇ ਅਤੇ ਫਿਰ ਪੰਜਾਬ ਸਰਕਾਰ ਨੂੰ ਬੱਚਿਆਂ ਦੀ ਗਿਣਤੀ ਘੱਟ ਹੋਣ ਦਾ ਬਹਾਨਾ ਬਣਾ ਕੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਨਹੀਂ ਲੈਣਾ ਪਵੇਗਾ। ਪੰਜਾਬ ਸਰਕਾਰ ਨੂੰ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟਣ ਦਾ ਕਾਰਨ ਵੀ ਦੱਸਣਾ ਚਾਹੀਦਾ ਹੈ। ਸ੍ਰੀ ਮਾਨ ਨੇ ਸਰਕਾਰ ਦੀ ਕਾਰਗੁਜ਼ਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਕੈਪਟਨ ਦੀ ਅਧੂਰੀ ਕੈਬਿਨਟ ਸੂਬੇ ਦੀ ਸਰਕਾਰ ਚਲਾਉਣ ਵਿੱਚ ਬੁਰੀ ਤਰਾਂ ਫੇਲ੍ਹ ਸਾਬਤ ਹੋਈ ਹੈ ਕਿਉਂਕਿ ਸਰਕਾਰ ਦੀ ਵਾਗਡੋਰ ਅਫ਼ਸਰਸ਼ਾਹੀ ਦੇ ਹੱਥਾਂ ਵਿੱਚ ਹੈ। ਕੈਪਟਨ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਜਿਹੜੇ ਵਾਅਦੇ ਕੀਤੇ ਗਏ ਸਨ, ਸਭ ਕੁਝ ਉਸ ਤੋਂ ਉਲਟ ਹੋ ਰਿਹਾ ਹੈ। ਲੋਕਾਂ ਨੂੰ ਸਸਤੀ ਬਿਜਲੀ ਦੇਣ ਦਾ ਵਾਅਦਾ ਕਰਕੇ ਉਲਟਾ 10 ਫੀਸਦੀ ਮਹਿੰਗੀ ਕਰ ਦਿੱਤੀ ਹੈ। ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੇ ਟਰੈਕਟਰਾਂ ਉਪਰ ਵੀ ਟੈਕਸ ਲਾਇਆ ਜਾ ਰਿਹਾ ਹੈ। ਸ੍ਰੀ ਮਾਨ ਨੇ ਦਾਅਵਾ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਕਾਂਗਰਸ ਦਾ ਵੀ ਅਕਾਲੀਆਂ ਵਾਲਾ ਹਾਲ ਹੋਵੇਗਾ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਪਾਰਟੀ ਆਗੂ ਸੁਖਪਾਲ ਸਿੰਘ ਖਹਿਰਾ ਨਾਲ ਕਿਸੇ ਵੀ ਮਤਭੇਦ ਤੋਂ    ਇਨਕਾਰ ਕੀਤਾ।