ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ): ਬਾਬਾ ਭਾਈ ਰੂਪ ਚੰਦ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਬਰਸੀ ਪਿੰਡ ਸਮਾਧ ਭਾਈ ਦੀ ਸੰਗਤ ਵੱਲੋਂ ਫਰਿਜ਼ਨੋ ਵਿਖੇ ਇਸ ਸਾਲ 31 ਜੁਲਾਈ ਤੋਂ 2 ਅਗਸਤ, 2026 ਤੱਕ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ। ਸਮਾਗਮ ਗੁਰਦੁਆਰਾ ਨਾਨਕਸਰ, 3860 N. Cornelia Avenue, Fresno, California ਵਿਖੇ ਹੋਣਗੇ।
ਸਮਾਗਮਾਂ ਦੀ ਸ਼ੁਰੂਆਤ 31 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਵੇਗੀ, ਜਦਕਿ 2 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਇਸ ਮੌਕੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰ, ਸੰਤ ਮਹਾਂਪੁਰਖਾਂ ਦੇ ਪ੍ਰਵਚਨਾਂ, ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ ਜਾਵੇਗਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰਾਂ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਲੰਗਰ ਸੇਵਾ ਦਾ ਲਾਭ ਉਠਾਉਣ। ਸਮਾਗਮ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ।
