ਫ਼ਤਹਿਗੜ੍ਹ ਸਾਹਿਬ, 7 ਜੂਨ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿੱਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਵੱਛ ਵਾਤਾਵਰਨ, ਮਿਲਾਵਟ ਰਹਿਤ ਖਾਣ ਪੀਣ ਦੀਆਂ ਵਸਤਾਂ ਅਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਜੇਕਰ ਕੋਈ ਵਿਅਕਤੀ ਇਨ੍ਹਾਂ ਚੀਜ਼ਾਂ ਵਿਚ ਮਿਲਾਵਟ ਕਰਦਾ ਹੈ ਤਾਂ ਜਿੱਥੇ ਕਾਨੂੰਨ ਦੀ ਨਜ਼ਰ ਵਿੱਚ ਇਹ ਇਕ ਅਪਰਾਧ ਹੈ ਉੱਥੇ ਕੁਦਰਤ ਦੇ ਨਾਲ ਵੀ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਰੋਕਣ ਲਈ ਸਾਂਝੇ ਹੰਭਲੇ ਦੀ ਲੋੜ ਹੈ। ਉਨ੍ਹਾਂ ਅਗਾਂਹਵਧੂ ਸੋਚ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਸਮਾਜ ਦੀ ਤੰਦਰੁਸਤੀ ਲਈ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ। ਇਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਕਾਲਜ ਕੈਂਪਸ ਵਿਚ ਬੂਟੇ ਵੀ ਲਗਾਏ ਗਏ। ਕੈਬਨਿਟ ਮੰਤਰੀ ਨੇ ਇਸ ਮੌਕੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ 150 ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ। ਉਨ੍ਹਾਂ ਪਾਣੀ ਦੀ ਸੁਚੱਜੀ ਵਰਤੋਂ ਲਈ ਪਿੰਡਾਂ ਦੇ ਲੋਕਾਂ ਨੂੰ ਟੂਟੀਆਂ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਅਤੇ ਵੱਖ-ਵੱਖ ਵਿਭਾਗਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਜੇਕਰ ਛੋਟੇ ਕਿਸਾਨ ਆਪਣੇ ਖੇਤ ਵਿੱਚ 250 ਤੱਕ ਬੂਟੇ ਲਗਾਉਂਦੇ ਹਨ ਤਾਂ ਉਨ੍ਹਾਂ ਦੇ ਪਾਲਣ ਪੋਸ਼ਣ ਲਈ ਮਗਨਰੇਗਾ ਸਕੀਮ ਅਧੀਨ ਮੁਫ਼ਤ ਮਗਨਰੇਗਾ ਵਰਕਰ ਦਿੱਤਾ ਜਾਵੇਗਾ। ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਈ. ਸੰਦੀਪ ਬਹਿਲ ਅਤੇ ਥਾਪਰ ਕਾਲਜ ਪਟਿਆਲਾ ਦੇ ਪ੍ਰੋਫੈਸਰ ਡਾ. ਅਨੂਪ ਵਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਸਤਿੰਦਰ ਸਿੰਘ ਜੱਲਾ, ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਜ਼ਿਲ੍ਹਾ ਪੁਲੀਸ ਮੁਖੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ ਜੇ.ਕੇ. ਜੈਨ, ਐੱਸ.ਪੀ. (ਹੈੱਡਕੁਆਰਟਰ) ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐਮ. ਅਮਲੋਹ ਜਸਪ੍ਰੀਤ ਸਿੰਘ ਹਾਜ਼ਰ ਸਨ।