ਚੰਡੀਗੜ੍ਹ, 11 ਜੂਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੰਨਾ ਉਤਪਾਦਕਾਂ ਨੂੰ ਅਦਾ ਕੀਤੇ ਜਾਣ ਵਾਲੇ 299 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਕਰਨ ਲਈ ਸ਼ੂਗਰਫੈੱਡ ਨੂੰ 149 ਕਰੋੜ ਰੁਪਏ ਦੀ ਰਾਸ਼ੀ ਦੇਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦੀ ਹਦਾਇਤ ’ਤੇ ਵਿੱਤ ਵਿਭਾਗ ਨੇ ਸਹਿਕਾਰੀ ਖੰਡ ਮਿੱਲਾਂ ਦੇ ਕਿਸਾਨਾਂ ਨੂੰ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਲਈ 150 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਦਕਿ 149 ਕਰੋੜ ਰੁਪਏ ਦੀ ਬਾਕੀ ਰਾਸ਼ੀ ਸ਼ੂਗਰਫੈੱਡ ਵੱਲੋਂ ਆਪਣੇ ਵਸੀਲਿਆਂ ਤੋਂ ਅਦਾ ਕੀਤੀ ਜਾਵੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿੱਤੀ ਤੌਰ ’ਤੇ ਯੋਗ ਵਿਧੀ ਉਲੀਕਣ ਲਈ ਆਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਚਾਰ ਨਿੱਜੀ ਖੰਡ ਮਿੱਲਾਂ ਦੇ ਗੰਨੇ ਦੇ ਬਕਾਏ ਦੇ ਤੌਰ ’ਤੇ ਕੁੱਲ 1253 ਕਰੋੜ ਦੀ ਰਾਸ਼ੀ ਬਣਦੀ ਹੈ ਜਿਸ ਵਿੱਚੋਂ 876 ਕਰੋੜ ਰੁਪਏ ਦਾ ਭੁਗਤਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਅਤੇ 377 ਕਰੋੜ ਰੁਪਏ ਬਕਾਇਆ ਹਨ।