ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਮੁੱਖ ਸਕੱਤਰ ਸਣੇ 16 ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ੇਗੀ ਨਹੀਂ।

ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡਾ: ਰੂਪ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ ਆਦਿ ਸ਼ਾਮਲ ਹਨ।

ਦੂਜੇ ਪਾਸੇ ਐਸਜੀਪੀਸੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸੰਬੰਧੀ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਮਾਮਲਾ ਪੰਜ ਤੋਂ ਸੱਤ ਸਾਲ ਪੁਰਾਣਾ ਹੈ, ਅਤੇ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਤਤਕਾਲੀ ਅਧਿਕਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਕਰ ਲਈ ਸੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਪੰਥਕ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ 11 ਤਰੀਕ ਨੂੰ ਇੱਕ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ, ਜਿੱਥੇ ਐਫਆਈਆਰ ਦੇ ਸਾਰੇ ਪਹਿਲੂਆਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਜਾਵੇਗੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਕੁਝ ਜਥੇਬੰਦੀਆਂ ਦੇ ਧਰਨੇ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੀ ਗਈ ਅਗਵਾਈ ਨੂੰ ਸਿੱਖ ਸੰਸਥਾਵਾਂ ਵਿੱਚ ਖੁੱਲ੍ਹੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਪੁਰਾਣੇ ਮਾਮਲੇ ਵਿੱਚ ਲੱਗੇ ਧਰਨੇ ਵਿਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦਾ ਸ਼ਾਮਲ ਹੋਣਾ ਅਤੇ ਨਿਰਦੇਸ਼ ਦੇਣੇ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।