ਅੰਮ੍ਰਿਤਸਰ, 7 ਜੂਨ
ਸਾਕਾ ਨੀਲਾ ਤਾਰਾ ਦੀ 34ਵੀਂ ਬਰਸੀ ਮੌਕੇ ਰੋਸ ਵਜੋਂ ਦਲ ਖਾਲਸਾ ਜਥੇਬੰਦੀ ਵੱਲੋਂ ਅੱਜ ਲਈ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਮੁੱਚੇ ਸ਼ਹਿਰ ਵਿੱਚ ਲਗਭਗ ਸਾਰਾ ਦਿਨ ਦੁਕਾਨਾਂ ਅਤੇ ਕਾਰੋਬਾਰ ਆਪਣੇ ਆਪ ਹੀ ਲੋਕਾਂ ਵੱਲੋਂ ਬੰਦ ਰੱਖੇ ਗਏ। ਸ਼ਹਿਰ ਵਿੱਚ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ਵਿੱਚ ਪੁਲੀਸ ਤਾਇਨਾਤ ਰਹੀ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ- ਦੁਆਲੇ ਵੀ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਸੀ। ਪੁਲੀਸ ਵੱਲੋਂ ਪਾਣੀ ਦੀਆਂ ਬੁਛਾੜਾਂ ਵਾਲੇ ਵਾਹਨ ਤੇ ਹੋਰ ਤੁਰੰਤ ਕਾਰਵਾਈ ਵਾਲੇ ਵਾਹਨ ਵੀ ਤਿਆਰ ਰੱਖੇ ਗਏ ਸਨ ਅਤੇ ਸਮੁੱਚੇ ਸ਼ਹਿਰ ਵਿੱਚ ਨਾਕੇ ਲਾਏ ਹੋਏ ਸਨ। ਪੁਲੀਸ ਤੋਂ ਇਲਾਵਾ ਨੀਮ ਫੌਜੀ ਬਲ ਵੀ ਤਾਇਨਾਤ ਕੀਤੇ ਗਏ ਸਨ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਸ਼ਹਿਰ ਵਿੱਚ ਅਮਨ ਸ਼ਾਂਤੀ ਕਾਇਮ ਰਹੀ।
ਬੰਦ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਮੇਤ ਸਮੁੱਚੇ ਸ਼ਹਿਰ ਵਿੱਚ ਵੀ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ। ਇਸ ਦੌਰਾਨ ਦਲ ਖਾਲਸਾ ਜਾਂ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਵੱਲੋਂ ਕਿਸੇ ਵੀ ਤਰ੍ਹਾਂ ਜਬਰੀ ਬੰਦ ਕਰਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਜਲੂਸ ਆਦਿ ਕੱਢਿਆ ਗਿਆ। ਲੋਕਾਂ ਵੱਲੋਂ ਆਪਣੇ ਤੌਰ ’ਤੇ ਹੀ ਦੁਕਾਨਾਂ ਅਤੇ ਕਾਰੋਬਾਰ ਬੰਦ ਰੱਖੇ ਗਏ। ਕੁਝ ਥਾਵਾਂ ’ਤੇ ਸ਼ਾਮ ਵੇਲੇ ਦੁਕਾਨਾਂ ਆਦਿ ਖੁਲ੍ਹ ਗਈਆਂ ਸਨ। ਲੋਕਾਂ ਵੱਲੋਂ ਬੰਦ ਲਈ ਦਿੱਤੇ ਸਹਿਯੋਗ ’ਤੇ ਧੰਨਵਾਦ ਕਰਦਿਆਂ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਸਮੂਹ ਧਰਮਾਂ ਤੇ ਫਿਰਕਿਆਂ ਦੇ ਲੋਕਾਂ ਨੇ ਸਹਿਯੋਗ ਦਿੱਤਾ ਹੈ, ਜਿਸ ਕਾਰਨ ਸ਼ਹਿਰ ਵਿੱਚ ਮੁਕੰਮਲ ਬੰਦ ਰਿਹਾ। ਉਨ੍ਹਾਂ ਆਖਿਆ ਕਿ ਅੱਜ ਮੁੱਖ ਸਮਾਗਮ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਵਿਰੋਧ ਕੀਤਾ ਗਿਆ, ਜਿਨ੍ਹਾਂ ਨੂੰ ਸੰਗਤ ਵੱਲੋਂ ਨਕਾਰਿਆ ਜਾ ਚੁੱਕਾ ਹੈ।