ਅੰਮ੍ਰਿਤਸਰ, 4 ਅਕਤੂਬਰ
ਮੁਤਵਾਜ਼ੀ ਜਥੇਦਾਰਾਂ ਵੱਲੋਂ ਕੀਤੇ ਗਏ ਫ਼ੈਸਲੇ ਤੋਂ ਇਕ ਦਿਨ ਮਗਰੋਂ ਅੱਜ ਅਕਾਲ ਤਖ਼ਤ ਤੋਂ ਪੰਜ ਜਥੇਦਾਰਾਂ ਨੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਪਰ ਨਾਰੀ ਨਾਲ ਸਬੰਧ ਰੱਖਣ ਦੀ ਬਜਰ ਕੁਰਹਿਤ ਦੇ ਦੋਸ਼ ਹੇਠ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਹੈ। ਤਖ਼ਤ ਨੇ ਸਿੱਖ ਸੰਸਥਾਵਾਂ ਨੂੰ ਆਖਿਆ ਕਿ ਜੇਕਰ ਇਹ ਵਿਅਕਤੀ ਕਿਸੇ ਸੰਸਥਾ ਦਾ ਮੈਂਬਰ ਹੈ ਤਾਂ ਇਸ ਨੂੰ ਤੁਰੰਤ ਬਰਖਾਸਤ ਕਰ ਦਿੱਤਾ ਜਾਵੇ। ਹੁਕਮਨਾਮੇ ’ਚ ਕਿਸੇ ਵੀ ਧਾਰਮਿਕ ਅਸਥਾਨ ਵਿੱਚ ਉਸ ਦੇ ਨਾਂ ਦੀ ਅਰਦਾਸ ਨਾ ਕਰਨ ਦੀ ਤਾੜਨਾ ਵੀ ਕੀਤੀ ਗਈ।
ਇਹ ਹੁਕਮਨਾਮਾ ਅੱਜ ਬਾਅਦ ਦੁਪਹਿਰ ਅਕਾਲ ਤਖ਼ਤ ਦੀ ਫ਼ਸੀਲ ਤੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਸੁਣਾਇਆ। ਇਸ ਤੋਂ ਪਹਿਲਾਂ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਧਾਰਮਿਕ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਹੋਈ, ਜਿਸ ਵਿਚ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ਅਤੇ ਪੁਲੀਸ ਵੱਲੋਂ ਦਰਜ ਕੀਤੇ ਮਾਮਲੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਪੰਜ ਜਥੇਦਾਰਾਂ ਦੀ ਮੀਟਿੰਗ ਵਿੱਚ ਉਸ ਨੂੰ ਪੰਥ ਵਿੱਚੋਂ ਛੇਕਣ ਦਾ ਫੈਸਲਾ ਕੀਤਾ ਗਿਆ। ਅੱਜ ਦੀ ਇਕੱਤਰਤਾ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ , ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ਼ਾਮਲ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਸੁੱਚਾ ਸਿੰਘ ਲੰਗਾਹ ਖਿਲਾਫ਼ ਸਿੱਖ ਸੰਗਤ ਵੱਲੋਂ ਵੱਡੇ ਪੱਧਰ ’ਤੇ ਸ਼ਿਕਾਇਤਾਂ ਪੁੱਜੀਆਂ ਸਨ। ਇਸ ਤੋਂ ਇਲਾਵਾ ਅਖ਼ਬਾਰਾਂ ਅਤੇ ਇਲੈਕਟਰੋਨਿਕ ਮੀਡੀਆ ਰਾਹੀਂ ਵੀ ਇਸ ਦੀ ਭਾਰੀ ਚਰਚਾ ਹੋਈ ਹੈ। ਅਕਾਲੀ ਆਗੂ ਦੀ ਇਸ ਬਦਇਖਲਾਕੀ ਵਾਲੀ ਕਾਰਵਾਈ ਕਾਰਨ ਜਿੱਥੇ ਸਿੱਖ ਸੰਗਤਾਂ ਦੇ ਮਨਾਂ ਨੂੰ ਠੇਸ ਪੁੱਜੀ ਹੈ, ਉਥੇ ਸਿੱਖ ਕਿਰਦਾਰ ਨੂੰ ਵੀ ਢਾਹ ਲੱਗੀ ਹੈ। ਉਨ੍ਹਾਂ ਦੱਸਿਆ ਕਿ ਪੰਜ ਜਥੇਦਾਰਾਂ ਨੇ ਸ੍ਰੀ ਲੰਗਾਹ ਨੂੰ ਸਿੱਖ ਰਹਿਤ ਮਰਿਆਦਾ ਅਨੁਸਾਰ ਬਜਰ ਕੁਰਹਿਤ ਕਰਨ ਦਾ ਦੋਸ਼ੀ ਮੰਨਿਆ ਹੈ। ਮਾਮਲੇ ਦੀ ਗੰਭੀਰਤਾ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਉਸ ਨੂੰ ਪੰਥ ਵਿੱਚੋਂ ਛੇਕਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਲਾਹਕਾਰ ਕਮੇਟੀ ਵੱਲੋਂ ਵੀ ਇਸੇ ਸਜ਼ਾ ’ਤੇ ਮੋਹਰ ਲਾਈ ਗਈ ਸੀ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਕਿ ਉਸ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ, ਉਸ ਦਾ ਨਾਂ ਲੈ ਕੇ ਕਿਸੇ ਵੀ ਗੁਰਦੁਆਰੇ ਵਿੱਚ ਅਰਦਾਸ ਨਾ ਕੀਤੀ ਜਾਵੇ ਅਤੇ ਸਿੱਖ ਸੰਸਥਾਵਾਂ ਉਸ ਨੂੰ ਬਤੌਰ ਮੈਂਬਰ ਤੁਰੰਤ ਬਰਖਾਸਤ ਕਰਨ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਬਜਰ ਕੁਰਹਿਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਵਿੱਖ ਵਿਚ ਕਿਸੇ ਧਾਰਮਿਕ ਸੰਸਥਾ ਦੀ ਨੁਮਾਇੰਦਗੀ ਨਾ ਦਿੱਤੀ ਜਾਵੇ ਅਤੇ ਅਹੁਦੇਦਾਰ ਬਣਾਉਣ ਤੋਂ ਪਹਿਲਾਂ ਉਸ ਦੇ ਕਿਰਦਾਰ ਨੂੰ ਧਿਆਨ ਵਿੱਚ ਰੱਖਿਆ ਜਾਵੇ।
ਇਸ ਦੌਰਾਨ ਗੁਰਦਾਸਪੁਰ ਦੇ ਗੁਰਦੁਆਰਾ ਛੋਟਾ ਘੱਲੂਘਾਰਾ ਦੇ ਮਾਮਲੇ ਵਿਚ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਸਟਰ ਜੋਹਰ ਸਿੰਘ ਨੂੰ ਆਦੇਸ਼ ਦਿੱਤਾ ਕਿ ਉਹ 13 ਅਕਤੂਬਰ ਨੂੰ ਅਕਾਲ ਤਖਤ ’ਤੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ। ਨਹੀਂ ਤਾਂ ਉਸ ਨੂੰ ਬਾਗ਼ੀ ਸਮਝਦੇ ਹੋਏ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਸ ਨੂੰ ਦੋ ਵਾਰ ਪੇਸ਼ ਹੋਣ ਲਈ ਸਮਾਂ ਦਿੱਤਾ ਜਾ ਚੁੱਕਾ ਹੈ। ਇਕ ਸਵਾਲ ਦੇ ਜਵਾਬ ਵਿੱਚ ਗੁਰਦੁਆਰਾ ਕਮੇਟੀ ਦੇ ਆਗੂ ਬੂਟਾ ਸਿੰਘ ਸਬੰਧੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਇਹ ਮਾਮਲਾ 13 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਸੱਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਇਸ ਮਾਮਲੇ ਸਬੰਧੀ ਜਾਂਚ ਕਮੇਟੀ ਦੀ ਰਿਪੋਰਟ ਪੁੱਜ ਚੁੱਕੀ ਹੈ। ਯਾਦ ਰਹੇ ਕਿ ਬੂਟਾ ਸਿੰਘ ਖਿਲਾਫ਼ ਵੀ ਸੁੱਚਾ ਸਿੰਘ ਲੰਗਾਹ ਵਾਂਗ ਬਜਰ ਕੁਰਹਿਤ ਦਾ ਦੋਸ਼ ਹੈ।
ਇਸ ਤੋਂ ਪਹਿਲਾਂ ਪੰਜ ਜਥੇਦਾਰਾਂ ਨੇ ਕੈਨੇਡਾ ਦੇ ਜਗਮੀਤ ਸਿੰਘ ਨੂੰ ਨਿਊ ਡੈਮੋਕਰੇਟਿਕ ਪਾਰਟੀ ਦਾ ਮੁਖੀ ਬਣਾਏ ਜਾਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ ਅਤੇ ਐਲਾਨ ਕੀਤਾ ਕਿ ਜਗਮੀਤ ਸਿੰਘ ਦੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਉਣ ’ਤੇ ਉਸ ਦਾ ਸਨਮਾਨ ਕੀਤਾ ਜਾਵੇਗਾ।