ਅੰਮ੍ਰਿਤਸਰ, 
ਸ਼੍ਰੋਮਣੀ ਕਮੇਟੀ ਨੇ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਪਹਿਲੀ ਵਾਰ ਤਿੰਨ ਸਿੱਖ ਫ਼ੌਜੀ ਜਰਨੈਲਾਂ ਏਅਰ ਮਾਰਸ਼ਲ ਅਰਜਨ ਸਿੰਘ, ਜਨਰਲ ਹਰਬਖ਼ਸ਼ ਸਿੰਘ ਅਤੇ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੂਟਨੀਤਕ ਗੱਲਬਾਤ ਨਾਲ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਭਾਰਤੀ ਫੌਜੀਆਂ ਨੂੰ ਰਿਹਾਅ ਕਰਵਾਇਆ ਜਾਵੇ।
ਅੱਜ ਸਵੇਰੇ ਸਿੱਖ ਫੌਜੀ ਅਧਿਕਾਰੀਆਂ ਦੀਆਂ ਤਸਵੀਰਾਂ ਸਥਾਪਤ ਕਰਨ ਸਮੇਂ ਪੰਥਕ ਰਵਾਇਤਾਂ ਅਨੁਸਾਰ ਗੁਰਬਾਣੀ ਦਾ ਕੀਰਤਨ ਅਤੇ ਅਰਦਾਸ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਲਗਪਗ 98 ਸਾਲ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਫ਼ੌਜ ਵਿੱਚ ਸ਼ਾਮਲ ਰਹੇ ਸਿੱਖ ਜਰਨੈਲਾਂ ਦੇ ਦੇਸ਼ ਦੀ ਏਕਤਾ ਅਖੰਡਤਾ ਵਿੱਚ ਯੋਗਦਾਨ ਨੂੰ ਮਾਨਤਾ ਦਿੱਤੀ ਗਈ ਹੈ। ਹੁਣ ਤਕ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕਾਲ ਦੇ ਸਿੱਖ ਜਰਨੈਲਾਂ ਅਤੇ ਖਾੜਕੂਵਾਦ ਵੇਲੇ ਦੇ ਸਿੱਖਾਂ ਨੂੰ ਹੀ ਇਥੇ ਅਜਾਇਬ ਘਰ ਵਿੱਚ ਥਾਂ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਮੌਕੇ ਤਿੰਨਾਂ ਸਿੱਖ ਫ਼ੌਜੀ ਜਰਨੈਲਾਂ ਦੀ ਬਹਾਦਰੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਾਇਆ। ਉਨ੍ਹਾਂ ਕਿਹਾ ਕਿ 1965 ਦੀ ਭਾਰਤ-ਪਾਕਿ ਜੰਗ ਸਮੇਂ ਜੇਕਰ ਜਨਰਲ ਹਰਬਖ਼ਸ਼ ਸਿੰਘ ਅਤੇ ਏਅਰ ਮਾਰਸ਼ਲ ਅਰਜਨ ਸਿੰਘ ਨੇ ਬਹਾਦਰੀ ਨਾ ਦਿਖਾਈ ਹੁੰਦੀ ਤਾਂ ਅੱਜ ਬਿਆਸ ਤੋਂ ਅੰਮ੍ਰਿਤਸਰ ਤਕ ਦਾ ਹਿੱਸਾ ਪਾਕਿਸਤਾਨ ਵਿੱਚ ਹੁੰਦਾ। ਲੈਫਟੀਨੈਂਟ ਜਨਰਲ ਜਗਜੀਤ ਸਿੰਘ ਨੇ ਹੁਣ ਤਕ ਦੇ ਫੌਜੀ ਇਤਿਹਾਸ ਵਿੱਚ ਸਭ ਤੋਂ ਵੱਧ 93 ਹਜ਼ਾਰ ਪਾਕਿਸਤਾਨੀ ਫੌਜੀਆਂ ਨੂੰ ਬੰਦੀ ਬਣਾ ਕੇ ਜੰਗ ਜਿੱਤੀ ਸੀ। ਉਨ੍ਹਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ 10 ਜਨਵਰੀ 1966 ਨੂੰ ਤਾਸ਼ਕੰਦ ਸਮਝੌਤੇ ਤਹਿਤ ਪਾਕਿਸਤਾਨ ਦੇ 93 ਹਜ਼ਾਰ ਬੰਦੀ ਫੌਜੀਆਂ ਨੂੰ ਤਾਂ ਰਿਹਾਅ ਕਰ ਦਿੱਤਾ ਗਿਆ, ਪਰ ਪਾਕਿਸਤਾਨ ਨੇ ਬੰਦੀ ਬਣਾਏ ਭਾਰਤੀ ਫੌਜੀਆਂ ਨੂੰ ਹੁਣ ਤਕ ਰਿਹਾਅ ਨਹੀਂ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਵਿਧੀ ਰਾਹੀਂ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਅਤੇ ਭਾਰਤੀ ਫੌਜੀਆਂ ਨੂੰ ਪਾਕਿਸਤਾਨ ਦੀਆਂ ਜੇਲਾਂ ਵਿੱਚੋਂ ਰਿਹਾਅ ਕਰਵਾਏ। ਉਨ੍ਹਾਂ ਕਿਹਾ ਕਿ ਫ਼ੌਜੀ ਜਰਨੈਲਾਂ ਦੀ ਬਹਾਦਰੀ ਦੇ ਇਤਿਹਾਸ ਨੂੰ ਸਕੂਲਾਂ ਅਤੇ ਕਾਲਜਾਂ ਦੇ ਸਿਲੇਬਸ ਵਿੱਚ ਸ਼ਾਮਲ ਕਰਾਉਣ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਆਪਣੇ ਵਿਦਿਅਕ ਅਦਾਰਿਆਂ ਵਿੱਚ ਇਨ੍ਹਾਂ ਫੌਜੀ ਜਰਨੈਲਾਂ ਦੀ ਸੂਰਬੀਰਤਾ ਦੇ ਇਤਿਹਾਸ ਨੂੰ ਕਿਤਾਬਚਿਆਂ ਦੇ ਰੂਪ ਵਿੱਚ ਵੰਡੇਗੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਮਾਗਮ ਵਿਚ ਫੌਜੀ ਜਰਨੈਲਾਂ ਦੇ ਪਰਿਵਾਰਕ ਮੈਂਬਰ ਭਾਵੇਂ ਨਹੀਂ ਪੁੱਜੇ, ਪਰ ਉਨ੍ਹਾਂ ਦੇ ਫੌਜੀ ਸਾਥੀ ਜ਼ਰੂਰ ਹਾਜ਼ਰ ਸਨ।